15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਕੌਂਸਲ ਜੈਤੋ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ, ਸ਼ਹਿਰ 'ਚ ਲੱਗੇ ਕੂੜੇ ਦੇ ਢੇਰ <br/>

Ad Position 21
No active advertisement
ਅਜੀਤ ਡੈਸਕ 13-05-2026
ਜੈਤੋ, 12 ਮਈ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਜੈਤੋ ਵਿਚ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ ਰਹਿਣ ਕਾਰਨ ਸ਼ਹਿਰ ਵਿਚ ਸਫ਼ਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੀਤੀ 6 ਮਈ ਤੋਂ ਪੂਰੇ ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੇ ਸਫ਼ਾਈ ਸੇਵਕ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 'ਕੰਮ ਛੋੜ ਹੜਤਾਲ 'ਤੇ ਹਨ | ਨਗਰ ਕੌਂਸਲ ਜੈਤੋ ਦੇ ਸਫ਼ਾਈ ਕਰਮਚਾਰੀ ਵੀ ਅਣਮਿੱਥੇ ਸਮੇਂ ਲਈ ਹੜਤਾਲ ਕਰ ਰਹੇ ਹਨ | ਸਫ਼ਾਈ ਸੇਵਕਾਂ ਦੀਆਂ ਮੁੱਖ ਮੰਗਾਂ ਵਿਚ ਕੱਚੇ ਮੁਲਾਜ਼ਮਾਂ ਦੇ ਅਧਾਰ 'ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕਰਨਾ, ਠੇਕਾ ਪ੍ਰਣਾਲੀ ਖਤਮ ਕਰਨਾ, ਆਊਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਦੇ ਅਧੀਨ ਲਿਆਉਣਾ, ਬਰਾਬਰ ਕੰਮ-ਬਰਾਬਰ ਤਨਖ਼ਾਹ ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਈਪੀਐਫ ਅਤੇ ਹੋਰ ਭੱਤਿਆਂ ਵਿਚ ਵਾਧਾ ਕਰਨਾ ਸ਼ਾਮਿਲ ਹਨ | ਇਸ ਤੋਂ ਇਲਾਵਾ ਸਫ਼ਾਈ ਕਰਮਚਾਰੀਆਂ ਦੇ ਐਕਸੀਡੈਂਟਲ ਬੀਮੇ ਦੀ ਰਕਮ 10 ਲੱਖ ਤੋਂ ਵਧਾ ਕੇ 20 ਲੱਖ ਰੁਪਏ ਕਰਨ ਅਤੇ ਨਵ-ਨਿਯੁਕਤ ਕਰਮਚਾਰੀਆਂ ਦਾ ਪਰਖ਼ਕਾਲ ਘਟਾਉਣ ਦੀ ਵੀ ਮੰਗ ਕੀਤੀ ਗਈ ਹੈ | ਡਾ. ਬਲਵਿੰਦਰ ਸਿੰਘ ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਜੈਤੋ ਵਿਸ਼ੇਸ਼ ਤੌਰ 'ਤੇ ਹੜਤਾਲ ਵਿਚ ਪਹੁੰਚੇ ਅਤੇ ਸਫ਼ਾਈ ਸੇਵਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸਫ਼ਾਈ ਕਰਮਚਾਰੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕੱਚੇ ਤੌਰ 'ਤੇ ਕੰਮ ਵਾਲੇ ਮੁਲਾਜ਼ਮ ਅਤੇ ਆਊਟਸੋਰਸ ਅਧੀਨ ਕੰਮ ਕਰਦੇ ਸਫ਼ਾਈ ਸੇਵਕਾਂ, ਸੀਵਰਮੈਨਾਂ, ਪੰਪ ਅਪਰੇਟਰਾਂ ਅਤੇ ਡਾਟਾ ਕਲਰਕਾਂ ਨੂੰ ਜਲਦ ਪੱਕਾ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸੰਬੰਧੀ ਲਿਖਤੀ ਪੱਤਰ ਵੀ ਭੇਜਿਆ ਹੈ | ਸਫ਼ਾਈ ਸੇਵਕ ਯੂਨੀਅਨ ਜੈਤੋ ਦੇ ਚੇਅਰਮੈਨ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਰਾਮ ਕਰਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਯੂਨੀਅਨ ਦੇ ਪ੍ਰਧਾਨ ਰਜੇਸ਼ ਕੁਮਾਰ ਸਾਰਸਰ ਅਤੇ ਸਟੇਜ ਸਕੱਤਰ ਰਮੇਸ਼ ਕੁਮਾਰ ਭੰਵਰ ਨੇ ਵੀ ਸਰਕਾਰ ਖ਼ਿਲਾਫ਼ ਨਾਰਾਜ਼ਗੀ ਜਤਾਈ ਅਤੇ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਬਾਹਮਣਵਾਲਾ ਵਿਖੇ ਇਕੋ ਰਾਤ ਖੇਤਾਂ 'ਚੋਂ 5 ਮੋਟਰਾਂ ਦੀਆਂ ਤਾਰਾਂ ਚੋਰੀ <br/> ਅਗਲੀ ਖ਼ਬਰ ਅਜੇ ਤੱਕ ਪ੍ਰਧਾਨ ਮੰਤਰੀ ਅਹੁਦੇ ਦਾ ਦਾਅਵੇਦਾਰ ਨਹੀਂ ਆਇਆ ਸਾਹਮਣੇ
Ad Position 24