ਜੈਤੋ, 13 ਮਈ (ਗੁਰਚਰਨ ਸਿੰਘ ਗਾਬੜੀਆ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਨਗਰ ਕੌਂਸਲ ਚੋਣਾਂ-2026 ਸਬੰਧੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ | ਇਸ ਸਬੰਧੀ ਉਪ-ਮੰਡਲ ਮੈਜਿਸਟ੍ਰੇਟ ਕਮ-ਰਿਟਰਨਿੰਗ ਅਫਸਰ ਜੈਤੋ ਵਿਕਰਮਜੀਤ ਨੇ ਦੱਸਿਆ ਕਿ ਨਗਰ ਕੌਂਸਲ ਜੈਤੋ ਦੀਆਂ ਚੋਣਾਂ ਲਈ ਮਿਤੀ 16 ਮਈ ਤੱਕ ਨਾਮਜ਼ਦਗੀ ਪੱਤਰ ਦਫਤਰ ਉਪ-ਮੰਡਲ ਮੈਜਿਸਟ੍ਰੇਟ ਜੈਤੋ ਵਿਖੇ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਦਾਖਲ ਕੀਤੇ ਜਾ ਸਕਣਗੇ | ਉਨ੍ਹਾਂ ਦੱਸਿਆ ਕਿ 18 ਮਈ 2026 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦ ਕਿ 19 ਮਈ 2026 ਨੂੰ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ | ਉਨ੍ਹਾਂ ਦੱਸਿਆ ਕਿ ਮਿਤੀ 26 ਮਈ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ 2026 ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ | ਉਨ੍ਹਾਂ ਸਮੂਹ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਿਰਧਾਰਿਤ ਸਮੇਂ ਅੰਦਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ |