ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਅੰਦਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੂੰ ਉਸ ਵਕਤ ਵੱਡਾ ਝੱਟਕਾ ਲੱਗਿਆ ਜਦੋਂ ਨਗਰ ਕੌਂਸਲ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਕਰੀਬੀ ਨਰਿੰਦਰਪਾਲ ਸਿੰਘ ਨਿੰਦਾ ਪਾਰਟੀ ਦੀ ਟਿਕਟ ਨਾ ਮਿਲਣ 'ਤੇ ਪਾਰਟੀ ਤੋਂ ਨਾਰਾਜ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਪਾਰਟੀ ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਦਾ ਸਵਾਗਤ ਹਲਕੇ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੀਤਾ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਵਿਚ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਤੇ ਚੇਅਰਮੈਨ ਅਮਨਦੀਪ ਸਿੰਘ ਬਾਬਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਲੋਂ ਰੱਖੇ ਗਏ ਇਕ ਸੰਖੇਪ ਸਮਾਗਮ ਦੌਰਾਨ ਇਨ੍ਹਾਂ ਆਗੂਆਂ ਵਲੋਂ ਆਪਣੀਆਂ ਵੱਖ-ਵੱਖ ਪਾਰਟੀਆਂ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ | ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਪੰਜਾਬ ਦੇ ਭਲੇ ਅਤੇ ਵਿਕਾਸ ਦੀ ਗੱਲ ਕਰਦੀ ਰਹੀ ਹੈ ਅਤੇ ਜਿਸ ਪਾਰਟੀ ਵਿਚ ਹਰ ਚਿਹਰਾ ਬੇਦਾਗ ਹੈ | ਉਨ੍ਹਾਂ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਅੱਜ ਵੱਖ-ਵੱਖ ਪਾਰਟੀਆਂ ਤੋਂ ਆਗੂ ਆ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਨਰਿੰਦਰ ਪਾਲ ਸਿੰਘ ਨਿੰਦਾ ਪਿਛਲੇ ਪੰਜ ਸਾਲ ਨਗਰ ਕੌਂਸਲ ਦੇ ਪ੍ਰਧਾਨ ਰਹੇ ਹਨ ਅਤੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਸਨ ਪਰ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਕਦੀ ਉਨ੍ਹਾਂ ਦੇ ਕੰਮਕਾਰਾਂ ਦੇ ਵਿਚ ਦਖਲ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਉਹ ਆਪਣੀ ਸੇਵਾਵਾਂ ਬਹੁਤ ਹੀ ਇਮਾਨਦਾਰੀ ਨਾਲ ਨਿਭਾ ਰਹੇ ਸਨ ਅਤੇ ਅੱਜ ਬਹੁਤ ਖੁਸ਼ੀ ਹੋ ਰਹੀ ਹੈ ਕਿ ਅਜਿਹੇ ਇਮਾਨਦਾਰ ਵਿਅਕਤੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਨਰਿੰਦਰ ਪਾਲ ਸਿੰਘ ਨਿੰਦਾ ਨੇ ਕਿਹਾ ਕਿ ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨਾਲ ਕੁਝ ਵਿਚਾਰਾਂ ਦੇ ਮੱਤਭੇਦ ਹੋਣ ਦੇ ਚੱਲਦੇ ਅੱਜ ਉਹ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਬਿਨਾਂ ਸ਼ਰਤ ਤੋਂ ਸ਼ਾਮਿਲ ਹੋਏ ਹਨ | ਇਸ ਮੌਕੇ ਕਾਂਗਰਸੀ ਆਗੂ ਅਮਿਤ ਜੈਨ ਜੁਗਨੂੰ, ਭਾਜਪਾ ਦੇ ਨਵੀਨ ਅਰੋੜਾ ਅਤੇ ਖਹਿਰਾ ਗਰੁੱਪ ਦੇ ਸੁਖਵਿੰਦਰ ਸਿੰਘ ਸੁਖੀ ਭਲਵਾਨ ਵੀ ਪਾਰਟੀ ਟਿਕਟ ਨਾ ਮਿਲਣ ਕਾਰਨ ਆਪ 'ਚ ਸ਼ਾਮਿਲ ਹੋਏ ਹਨ |