ਕੋਟਕਪੂਰਾ, 20 ਮਈ (ਮੋਹਰ ਸਿੰਘ ਗਿੱਲ)-ਸਥਾਨਕ ਨਵੀਂ ਦਾਣਾ ਮੰਡੀ ਵਿਚ ਪਾਵਰਕਾਮ ਆਊਟਸੋਰਸ ਮੀਟਰ ਰੀਡਰ ਯੂਨੀਅਨ ਵਲੋਂ ਸਰਕਾਰ ਖਿਲਾਫ਼ ਸੂਬਾ ਪੱਧਰੀ ਧਰਨਾ ਦਿੱਤਾ ਗਿਆ | ਯੂਨੀਅਨ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਮੁਤਾਬਿਕ ਆਊਟਸੋਰਸ ਮੀਟਰ ਰੀਡਰਾਂ ਨੂੰ ਪਾਵਰਕਾਮ ਅਧੀਨ ਲਿਆ ਕੇ ਕੰਮ ਕਰਵਾਉਣ ਦੀ ਮੰਗ ਚੁੱਕੀ | ਜਥੇਬੰਦੀ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਸਮੇਤ ਹੋਰਾਂ ਨੇ ਆਖਿਆ ਕਿ ਪੀਐਸਪੀਸੀਐਲ ਸ਼ਿਕਾਇਤ ਕੇਂਦਰਾਂ 'ਚ ਨਿਯੁਕਤ ਕਰਮਚਾਰੀਆਂ ਨੂੰ ਸਰਕਾਰ ਵਲੋਂ ਵਿਭਾਗ ਅਧੀਨ ਲਿਆਂਦਾ ਜਾ ਚੁੱਕਾ ਹੈ, ਜਦਕਿ ਆਊਟਸੋਰਸ ਮੀਟਰ ਰੀਡਰਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਆਖਿਆ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਨੂੰ ਵਿਭਾਗ ਅਧੀਨ ਨਾ ਲਿਆਂਦਾ ਤਾਂ ਉਹ ਸੰਘਰਸ਼ ਨੂੰ ਤਿੱਖਾ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਦੱਸਿਆ ਕਿ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮੀਟਰ ਰੀਡਰਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਵਿਭਾਗ ਅਧੀਨ ਆਉਂਦੀ ਲਿਆਂਦਾ ਜਾਵੇਗਾ ਪਰ ਚਾਰ ਸਾਲ ਤੋਂ ਵੀ ਜ਼ਿਆਦਾ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਜ਼ਰੂਰਤ ਹੀ ਨਹੀਂ ਸਮਝੀ | ਧਰਨਾਕਾਰੀਆਂ ਨੂੰ ਸ਼ਾਂਤ ਕਰਨ ਲਈ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਾਸ ਦਿਵਾਇਆ ਕਿ 1 ਜੂਨ ਨੂੰ ਜਥੇਬੰਦੀ ਦੀ ਬਿਜਲੀ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ | ਜਥੇਬੰਦੀ ਨੇ ਸਪੀਕਰ ਸੰਧਵਾਂ ਨੂੰ ਲਿਖਤੀ ਸ਼ਿਕਾਇਤ ਪੱਤਰ ਸੌਂਪ ਕੇ ਧਰਨਾ ਸਮਾਪਤ ਕਰ ਦਿੱਤਾ |