ਮਲੋਟ, 20 ਮਈ (ਪਾਟਿਲ)-ਮਲੋਟ ਵਿਚ ਨਗਰ ਕੌਂਸਲ ਚੋਣਾਂ ਦੌਰਾਨ ਵਾਪਰੀ ਹਿੰਸਕ ਘਟਨਾ ਤੇ ਧੱਕੇਸ਼ਾਹੀ ਦੇ ਮਾਮਲੇ ਨੇ ਹੁਣ ਸਿਆਸੀ ਰੂਪ ਧਾਰ ਲਿਆ ਹੈ | ਬੀਤੇ ਦਿਨ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਗੁੰਡਾ ਅਨਸਰਾਂ ਵਲੋਂ ਕੀਤੀ ਗਈ ਕਥਿਤ ਧੱਕੇਸ਼ਾਹੀ ਤੇ ਦਬਾਅ ਦੀ ਰਾਜਨੀਤੀ ਦੇ ਵਿਰੋਧ ਵਿਚ ਵੱਖ-ਵੱਖ ਸਿਆਸੀ ਅਤੇ ਸਮਾਜਿਕ ਧਿਰਾਂ ਵਲੋਂ ਸਾਂਝੀ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ | ਇਸ ਕਮੇਟੀ ਵਿਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਸਮੇਤ ਹੋਰ ਆਗੂ ਸ਼ਾਮਿਲ ਹੋਏ | ਨਾਮਜ਼ਦਗੀ ਕਾਗ਼ਜ਼ਾਂ ਦੀ ਛਾਣਬੀਨ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸਾਂਝੇ ਵਿਰੋਧੀ ਮੰਚ ਵਲੋਂ ਜ਼ੋਰਦਾਰ ਤੇ ਸ਼ਾਂਤਮਈ ਰੋਸ ਮਾਰਚ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸਿਆਸੀ ਤੇ ਸਮਾਜਿਕ ਆਗੂਆਂ ਨੇ ਭਾਗ ਲਿਆ | ਪੂਰੇ ਦਿਨ ਚੱਲੇ ਰੋਸ ਪ੍ਰਦਰਸ਼ਨ ਤੋਂ ਬਾਅਦ ਰਾਤ ਸਮੇਂ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਦੇ ਘਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ | ਧਰਨਾਕਾਰੀਆਂ ਨੇ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਤੁਰੰਤ ਤੇ ਨਿਰਪੱਖ ਕਾਰਵਾਈ ਕੀਤੀ ਜਾਵੇ | ਪ੍ਰਦਰਸ਼ਨਕਾਰੀਆਂ ਵਲੋਂ ਕੈਬਨਿਟ ਮੰਤਰੀ ਦੇ ਪੀ.ਏ. ਅਰਸ਼ ਤੇ ਲਵ ਬੱਤਰਾ ਦੇ ਨਾਂਅ ਸਾਹਮਣੇ ਆਉਣ ਦੇ ਬਾਵਜੂਦ ਕਾਰਵਾਈ ਨਾ ਹੋਣ 'ਤੇ ਗੰਭੀਰ ਚਿੰਤਾ ਤੇ ਰੋਸ ਪ੍ਰਗਟਾਇਆ ਗਿਆ | ਇਸ ਸੰਬੰਧੀ ਅੱਜ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਵਫ਼ਦ ਨੇ ਪੰਜਾਬ ਕਾਂਗਰਸ ਭਵਨ ਵਲੋਂ ਭੇਜੇ ਗਏ ਸੀਨੀਅਰ ਕਾਂਗਰਸੀ ਆਗੂ ਹੈਪੀ ਖੇੜਾ ਦੇ ਨਾਲ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਨਾਲ ਮੁਲਾਕਾਤ ਕੀਤੀ | ਵਫ਼ਦ ਨੇ ਦੋਸ਼ ਲਗਾਇਆ ਕਿ ਚੋਣ ਪ੍ਰਕਿਰਿਆ ਦੌਰਾਨ ਲੋਕਤੰਤਰਕ ਮਰਿਆਦਾਵਾਂ ਦੀ ਉਲੰਘਣਾ ਕੀਤੀ ਗਈ ਅਤੇ ਪੱਗਾਂ ਲਾਹੁਣ ਵਰਗੀਆਂ ਘਟਨਾਵਾਂ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ | ਐੱਸ.ਐੱਸ.ਪੀ. ਵਲੋਂ ਵਫ਼ਦ ਨੂੰ ਭਰੋਸਾ ਦਿਵਾਇਆ ਗਿਆ ਕਿ ਮਾਮਲੇ ਵਿਚ ਜਲਦ ਤੇ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ | ਉਧਰ ਸੰਘਰਸ਼ ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਨਾ ਹੋਈ ਤਾਂ ਲੋਕਤੰਤਰ ਤੇ ਇਨਸਾਫ਼ ਦੀ ਰੱਖਿਆ ਲਈ ਸੰਘਰਸ਼ ਨੂੰ ਹੋਰ ਤੇਜ਼ ਅਤੇ ਵੱਡੇ ਪੱਧਰ 'ਤੇ ਲੈ ਜਾਇਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਤੇ ਸਰਕਾਰ ਦੀ ਹੋਵੇਗੀ |