ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਨੇ ਅਹਿਮ ਵਿਚਾਰ ਚਰਚਾ ਕਰਨ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਰਕਲ ਤੇ ਡਵੀਜ਼ਨ ਪ੍ਰਧਾਨ ਜੋਗਿੰਦਰ ਸਿੰਘ ਮੱਲਣ, ਸਕੱਤਰ ਅਮਰਜੀਤ ਪਾਲ ਸ਼ਰਮਾ ਅਤੇ ਪ੍ਰੈੱਸ ਸਕੱਤਰ ਵਿਜੈ ਕੁਮਾਰ ਸੋਈ ਨੇ ਕਿਹਾ ਕਿ ਪੰਜਾਬ ਸਰਕਾਰ ਸਾਮਰਾਜੀ ਪੱਖੀ ਅਤੇ ਕਿਸਾਨ, ਮਜ਼ਦੂਰ, ਮੁਲਾਜ਼ਮ, ਪੈਨਸ਼ਨਰ ਵਿਰੋਧੀ ਨੀਤੀਆਂ ਧੜੱਲੇ ਨਾਲ ਲਾਗੂ ਕਰ ਰਹੀ ਹੈ | ਆਗੂਆਂ ਨੇ ਸਰਕਾਰ ਦੇ ਇਸ ਵਤੀਰੇ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਕਿਹਾ ਕਿ ਵਿਸ਼ਾਲ ਤੇ ਤਿੱਖੇ ਸੰਘਰਸ਼ਾਂ ਰਾਹੀਂ ਇਨ੍ਹਾਂ ਨੀਤੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ | ਸਰਕਾਰ ਜਨ ਕਲਿਆਣ ਦੇ ਕੰਮਾਂ ਨੂੰ ਤਿਲਾਂਜਲੀ ਦੇ ਚੁੱਕੀ ਹੈ ਅਤੇ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਪਹਿਲਾਂ ਨਾਲੋਂ ਵੀ ਵਿਗੜ ਗਈ ਹੈ | ਸਰਕਾਰੀ ਜ਼ਮੀਨਾਂ ਵੇਚੀਆਂ ਜਾ ਰਹੀਆਂ ਹਨ ਅਤੇ ਫ਼ੋਕੀ ਇਸ਼ਤਿਹਾਰਬਾਜ਼ੀ ਨਾਲ ਖ਼ਜ਼ਾਨਾ ਲੁਟਾਇਆ ਜਾ ਰਿਹਾ ਹੈ | ਕੱਚੇ ਮੁਲਾਜ਼ਮਾਂ 'ਤੇ ਘੱਟੋ-ਘੱਟ ਉਜ਼ਰਤ ਵੀ ਲਾਗੂ ਨਹੀਂ ਕੀਤੀ ਜਾ ਰਹੀ | ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਨਹੀਂ ਦਿੱਤਾ ਜਾ ਰਿਹਾ | ਜਥੇਬੰਦੀ ਦੇ ਆਗੂਆਂ ਸ਼ਿਵਦੀਪ ਸਿੰਘ ਬਰਾੜ, ਜਰਨੈਲ ਸਿੰਘ ਅਤੇ ਬੂਟਾ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਜਥੇਬੰਦੀਆਂ ਨਾਲ ਗੱਲ ਕਰਨ ਲਈ ਤਿਆਰ ਨਹੀਂ | ਭਜਨ ਸਿੰਘ, ਮੇਜਰ ਸਿੰਘ, ਬਲਜੀਤ ਸਿੰਘ ਬਰਾੜ ਨੇ ਕਿਹਾ ਕ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਆਗੂਆਂ ਨੂੰ ਮੀਟਿੰਗ ਦੇ ਕੇ ਮਸਲੇ ਹੱਲ ਨਾ ਕੀਤੇ, ਤਾਂ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਦੇ ਸੱਦੇ 'ਤੇ 26 ਮਈ ਨੂੰ ਪੰਜਾਬ ਦੇ ਸ਼ਹਿਰਾਂ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਜੂਨ ਮਹੀਨੇ ਵਿਚ ਸਾਂਝੀਆਂ ਜ਼ਿਲ੍ਹਾ ਪੱਧਰੀ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ | ਜੁਲਾਈ ਤੇ ਅਗਸਤ ਮਹੀਨੇ ਵਿਚ ਹਾਕਮ ਧਿਰ ਦੇ ਵਿਧਾਇਕਾਂ ਦੇ ਘਰਾਂ ਅੱਗੇ ਘੜੇ ਭੰਨ ਪ੍ਰਦਰਸ਼ਨ ਕੀਤੇ ਜਾਣਗੇ | ਸਤੰਬਰ ਮਹੀਨੇ ਵਿਚ ਜ਼ੋਨ ਪੱਧਰ 'ਤੇ ਰੈਲੀਆਂ ਕੀਤੀਆ ਜਾਣਗੀਆਂ | ਅਕਤੂਬਰ ਮਹੀਨੇ ਪਿੰਡਾਂ ਤੇ ਸ਼ਹਿਰਾਂ ਵਿਚ ਝੰਡਾ ਮਾਰਚ ਕੀਤੇ ਜਾਣਗੇ ਅਤੇ ਪੰਜਾਬ ਪੱਧਰ 'ਤੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ | ਇਸ ਮੌਕੇ ਭਜਨ ਸਿੰਘ, ਮੇਜਰ ਸਿੰਘ, ਜੰਗੀਰ ਸਿੰਘ, ਬਲਜੀਤ ਸਿੰਘ ਬਰਾੜ, ਸੁਰਿੰਦਰ ਸਿੰਘ, ਰਾਮਸਰਨ ਅਦਿ ਆਗੂ ਵੀ ਹਾਜ਼ਰ ਸਨ |