ਜੈਤੋ, 24 ਮਈ (ਗੁਰਮੀਤਪਾਲ ਰੋੜੀਕਪੂਰਾ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜੈਤੋ ਸ਼ਹਿਰ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ, ਪਰ ਦੂਜੇ ਪਾਸੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਅਧੂਰੇ ਪਏ ਵਿਕਾਸ ਕਾਰਜ ਮੌਜੂਦਾ ਸਰਕਾਰ ਅਤੇ ਉਸਦੇ ਉਮੀਦਵਾਰਾਂ ਲਈ ਵੱਡੀ ਅÏਕੜ ਬਣਦੇ ਨਜ਼ਰ ਆ ਰਹੇ ਹਨ | ਲੋਕਾਂ ਵਿਚ ਵੱਧ ਰਹੀ ਨਾਰਾਜ਼ਗੀ ਚੋਣ ਨਤੀਜਿਆਂ 'ਤੇ ਅਸਰ ਪਾ ਸਕਦੀ ਹੈ | ਸ਼ਹਿਰ ਦੇ ਕਈ ਵਾਰਡਾਂ ਵਿਚ ਸੀਵਰੇਜ ਦੀ ਸਮੱਸਿਆ ਲੰਮੇ ਸਮੇਂ ਤੋਂ ਲੋਕਾਂ ਲਈ ਸਿਰਦਰਦ ਬਣੀ ਹੋਈ ਹੈ | ਗਲੀਆਂ ਅਤੇ ਮੁਹੱਲਿਆਂ ਵਿਚ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗੰਦੇ ਪਾਣੀ ਕਾਰਨ ਬਿਮਾਰੀਆਂ ਫ਼ੈਲਣ ਦਾ ਖਤਰਾ ਵੀ ਬਣਿਆ ਹੋਇਆ ਹੈ | ਇਸ ਤੋਂ ਇਲਾਵਾ ਕਈ ਥਾਵਾਂ 'ਤੇ ਕੂੜੇ ਦੇ ਡੰਪ ਲੱਗੇ ਹੋਏ ਹਨ, ਜਿਨ੍ਹਾਂ ਕਾਰਨ ਬਦਬੂ ਅਤੇ ਗੰਦਗੀ ਨਾਲ ਇਲਾਕਾ ਵਾਸੀਆਂ ਦਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ | ਵਾਰਡਾਂ ਦੇ ਨਿਵਾਸੀਆਂ ਦਾ ਕਹਿਣਾ ਹੈ ਕਿ ਉਹ ਇਸ ਸਬੰਧੀ ਕਈ ਵਾਰ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗਾਂ ਨੂੰ ਲਿਖਤੀ ਅਤੇ ਮੌਖਿਕ ਰੂਪ ਵਿਚ ਜਾਣੂ ਕਰਵਾ ਚੁੱਕੇ ਹਨ, ਪਰ ਸਮੱਸਿਆਵਾਂ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ | ਲੋਕਾਂ ਦਾ ਦੋਸ਼ ਹੈ ਕਿ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਤਾਂ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ 'ਤੇ ਵਿਕਾਸ ਕਾਰਜ ਅਧੂਰੇ ਹੀ ਰਹਿ ਜਾਂਦੇ ਹਨ | ਸਥਾਨਕ ਲੋਕਾਂ ਵਿਚ ਇਸ ਗੱਲ ਨੂੰ ਲੈ ਕੇ ਵੀ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ ਕਿ ਕਈ ਵਾਰਡਾਂ ਵਿਚ ਸੜਕਾਂ ਦੀ ਹਾਲਤ ਖ਼ਰਾਬ ਹੈ, ਗਲੀਆਂ ਵਿਚ ਟੁੱਟੀਆਂ ਇੱਟਾਂ ਅਤੇ ਗੰਦਗੀ ਕਾਰਨ ਲੋਕਾਂ ਨੂੰ ਆਵਾਜਾਈ ਵਿਚ ਮੁਸ਼ਕਿਲਾਂ ਆ ਰਹੀਆਂ ਹਨ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਚੋਣਾਂ ਤੋਂ ਪਹਿਲਾਂ ਇਨ੍ਹਾਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਵੋਟਾਂ ਰਾਹੀਂ ਆਪਣਾ ਰੋਸ ਜ਼ਰੂਰ ਜਤਾਉਣਗੇ | ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਵਾਰ ਨਗਰ ਕੌਂਸਲ ਚੋਣਾਂ ਵਿਚ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਵੱਡਾ ਚੋਣ ਮੁੱਦਾ ਬਣ ਸਕਦੀਆਂ ਹਨ | ਸ਼ਹਿਰ ਵਾਸੀਆਂ ਦੀ ਨਾਰਾਜ਼ਗੀ ਮੌਜੂਦਾ ਸਰਕਾਰ ਦੇ ਉਮੀਦਵਾਰਾਂ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਸਕਦੀ ਹੈ | ਲੋਕਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਤੁਰੰਤ ਪ੍ਰਭਾਵ ਨਾਲ ਸੀਵਰੇਜ, ਸਫ਼ਾਈ ਅਤੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਵਾਏ ਤਾਂ ਜੋ ਸ਼ਹਿਰ ਵਾਸੀਆਂ ਨੂੰ ਰਾਹਤ ਮਿਲ ਸਕੇ |