ਮਲੋਟ, 25 ਮਈ (ਪਾਟਿਲ)-ਮਲੋਟ ਨਗਰ ਕੌਂਸਲ ਚੋਣਾਂ ਲਈ ਪੋਲਿੰਗ ਪਾਰਟੀਆਂ ਨੂੰ ਸਮੇਂ ਸਿਰ ਰਵਾਨਾ ਕਰ ਦਿੱਤਾ ਗਿਆ | ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੇ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਕੀਤੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਐਸ.ਡੀ.ਐਮ-ਕਮ-ਰਿਟਰਨਿੰਗ ਅਫ਼ਸਰ ਮਲੋਟ ਪੰਕਜ ਕੁਮਾਰ ਨੇ ਦੱਸਿਆ ਕਿ ਸਾਰੀਆਂ ਪੋਲਿੰਗ ਲੋਕੇਸ਼ਨਾਂ 'ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੂਰੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਅਤੇ ਆਮ ਦੋਵੇਂ ਤਰ੍ਹਾਂ ਦੇ ਬੂਥਾਂ ਦੇ ਅੰਦਰ ਅਤੇ ਬਾਹਰ ਵੀਡੀਓਗ੍ਰਾਫੀ ਹੋਵੇਗੀ ਅਤੇ ਹਰ ਬੂਥ 'ਤੇ ਪੁਲਿਸ ਫੋਰਸ ਅਤੇ ਚੋਣ ਅਮਲਾ ਤੈਨਾਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਬੂਥ 'ਤੇ 5 ਪੋਲਿੰਗ ਕਰਮਚਾਰੀ ਤਾਇਨਾਤ ਕੀਤੇ ਜਾਣਗੇ | ਨਾਲ ਹੀ ਸਿਆਸੀ ਪਾਰਟੀਆਂ ਵਲੋਂ ਬਣਾਏ ਜਾਣ ਵਾਲੇ ਸਹਾਇਕ ਬੂਥਾਂ ਸਬੰਧੀ ਵੀ ਨਿਯਮ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੇ ਨਿਰਧਾਰਿਤ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ | ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ | ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਮਲੋਟ ਖੇਤਰ ਵਿਚ ਹਿੰਸਾ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ | ਹਾਲਾਂਕਿ ਮਾਡਲ ਕੋਡ ਆਫ ਕੰਡਕਟ ਦੀ ਉਲੰਘਣਾ ਸਬੰਧੀ ਤਿੰਨ ਨੋਟਿਸ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿਚ ਸਪੱਸ਼ਟੀਕਰਨ ਲੈਣ ਤੋਂ ਬਾਅਦ ਪਹਿਲੀ ਉਲੰਘਣਾ ਮੰਨਦੇ ਹੋਏ ਚੇਤਾਵਨੀ ਦੇ ਕੇ ਮਾਮਲੇ ਨਿਪਟਾਏ ਗਏ | ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਐਸ.ਪੀ ਨੇ ਦੱਸਿਆ ਕਿ ਮਲੋਟ ਸ਼ਹਿਰ ਵਿਚ ਕੁੱਲ 61 ਬੂਥ ਅਤੇ 27 ਪੋਲਿੰਗ ਲੋਕੇਸ਼ਨ ਹਨ | ਇਨ੍ਹਾਂ ਲਈ ਕਰੀਬ 300 ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ, ਜਿਸ ਵਿਚ ਪੈਟਰੋਲਿੰਗ ਪਾਰਟੀਆਂ, ਬੂਥ ਡਿਊਟੀਆਂ ਅਤੇ ਰਿਜ਼ਰਵ ਫੋਰਸ ਵੀ ਸ਼ਾਮਿਲ ਹੈ | ਐਸਪੀ ਨੇ ਦੱਸਿਆ ਕਿ ਲਗਪਗ ਸੱਤ ਬੂਥਾਂ ਨੂੰ ਸੁਪਰ ਸੰਵੇਦਨਸ਼ੀਲ ਮੰਨਿਆ ਗਿਆ ਹੈ, ਜਿੱਥੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਅਚਾਨਕ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ ਅਤੇ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ | ਅਧਿਕਾਰੀਆਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਭਾਗ ਲੈਣ | ਪੋਲਿੰਗ ਦੌਰਾਨ ਮਲੋਟ ਸ਼ਹਿਰ ਦੇ ਕਰੀਬ 59 ਹਜ਼ਾਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ |