ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-2026 ਨਗਰ ਕੌਂਸਲ ਚੋਣਾਂ-2026 ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਡਾ. ਪ੍ਰਗਿਆ ਜੈਨ ਐਸ.ਐਸ.ਪੀ ਦੀ ਅਗਵਾਈ ਹੇਠ ਪੁਲਿਸ ਵਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਚੋਣ ਡਿਊਟੀ ਦੇ ਸਬੰਧ ਵਿਚ ਜ਼ਿਲ੍ਹੇ ਅੰਦਰ 800 ਦੇ ਕਰੀਬ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਸ਼ੱਕੀ ਗਤੀਵਿਧੀ 'ਤੇ ਨਿਗਰਾਨੀ ਰੱਖਣ ਅਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਲਗਪਗ 22 ਪੈਟਰੋਲਿੰਗ ਪਾਰਟੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ | ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ 2 ਐਸ.ਪੀ ਰੈਂਕ ਅਤੇ 8 ਡੀ.ਐਸ.ਪੀ ਰੈਂਕ ਦੇ ਅਧਿਕਾਰੀ ਲਗਾਤਾਰ ਤਾਇਨਾਤ ਹਨ | ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹੇ ਅੰਦਰ 24 ਘੰਟੇ ਨਾਕਾਬੰਦੀਆਂ ਅਤੇ ਗਸ਼ਤ ਪਾਰਟੀਆਂ ਲਗਾਤਾਰ ਡਿਊਟੀ ਨਿਭਾ ਰਹੀਆਂ ਹਨ | ਅੰਤ ਵਿਚ ਡਾ. ਪ੍ਰਗਿਆਂ ਜੈਨ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ, ਕਿਸੇ ਵੀ ਅਫ਼ਵਾਹ 'ਤੇ ਵਿਸ਼ਵਾਸ ਨਾ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਗੈਰ ਕਾਨੂੰਨੀ ਹਰਕਤ ਬਾਰੇ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕਰਨ ਤਾਂ ਜੋ ਚੋਣ ਪ੍ਰਕਿਰਿਆ ਨੂੰ ਨਿਰਪੱਖ, ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਕਰਵਾਇਆ ਜਾ ਸਕੇ |