ਕਿਸ਼ਨਪੁਰਾ ਕਲਾਂ, 25 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਸਮੇਤ ਇਲਾਕੇ ਭਰ ਵਿਚ ਲਗਾਤਾਰ ਵੱਧ ਰਹੇ ਤਾਪਮਾਨ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ | ਗਰਮੀ ਦੇ ਤਿੱਖੇ ਤੇਵਰਾਂ ਕਾਰਨ ਸਿਹਤ ਸੰਬੰਧੀ ਸਮੱਸਿਆਵਾਂ ਦਾ ਖ਼ਤਰਾ ਵੀ ਵਧਦਾ ਜਾ ਰਿਹਾ ਹੈ | ਇਸੇ ਮੱਦੇਨਜ਼ਰ ਕਸਬਾ ਕਿਸ਼ਨਪੁਰਾ ਕਲਾਂ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਦੇ ਮੁੱਖ ਸੰਚਾਲਕ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਹੈ | ਡਾ. ਢਿੱਲੋਂ ਨੇ ਕਿਹਾ ਕਿ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਨਾਲ ਹੀਟ ਸਟ੍ਰੋਕ, ਡੀਹਾਈਡ੍ਰੇਸ਼ਨ ਅਤੇ ਹੋਰ ਗਰਮੀ ਨਾਲ ਸੰਬੰਧਿਤ ਬਿਮਾਰੀਆਂ ਦਾ ਖ਼ਤਰਾ ਵੀ ਵਧ ਸਕਦਾ ਹੈ | ਉਨ੍ਹਾਂ ਕਿਹਾ ਕਿ ਲੋਕ ਬਿਨਾਂ ਲੋੜ ਦੁਪਹਿਰ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਖ਼ਾਸ ਕਰਕੇ ਸਿੱਧੀ ਧੁੱਪ ਤੋਂ ਬਚਣ | ਉਨ੍ਹਾਂ ਲੋਕਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਘਰੋਂ ਬਾਹਰ ਜਾਣ ਸਮੇਂ ਆਪਣੇ ਨਾਲ ਠੰਢਾ ਪਾਣੀ ਜ਼ਰੂਰ ਰੱਖਿਆ ਜਾਵੇ ਅਤੇ ਵੱਧ ਤੋਂ ਵੱਧ ਪਾਣੀ, ਲੱਸੀ, ਨਿੰਬੂ ਪਾਣੀ, ਜੂਸ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ ਤਾਂ ਜੋ ਸਰੀਰ ਵਿਚ ਪਾਣੀ ਦੀ ਕਮੀ ਨਾ ਹੋਵੇ | ਉਨ੍ਹਾਂ ਕਿਹਾ ਕਿ ਨੰਗੇ ਸਿਰ ਘਰੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਸਿਰ ਨੂੰ ਕੱਪੜੇ ਜਾਂ ਟੋਪੀ ਨਾਲ ਢੱਕ ਕੇ ਰੱਖਿਆ ਜਾਵੇ | ਉਨ੍ਹਾਂ ਮਾਪਿਆਂ ਨੂੰ ਵੀ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਚੱਕਰ ਆਉਣ, ਘਬਰਾਹਟ, ਬੇਹੋਸ਼ੀ ਜਾਂ ਜ਼ਿਆਦਾ ਪਸੀਨਾ ਆਉਣ ਵਰਗੇ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਲਈ ਜਾਵੇ |