ਮਲੋਟ, 26 ਮਈ (ਪਾਟਿਲ)-ਨਗਰ ਕੌਂਸਲ ਚੋਣਾਂ ਦੌਰਾਨ ਮਲੋਟ ਸ਼ਹਿਰ ਦੇ ਵਾਰਡ ਨੰਬਰ 23 ਵਿਚ ਹੋਈਆਂ ਆਪਸੀ ਬਹਿਸਬਾਜ਼ੀ ਤੇ ਤਕਰਾਰ ਦੀਆਂ ਘਟਨਾਵਾਂ ਤੋਂ ਬਾਅਦ ਬਣੇ ਤਣਾਅਪੂਰਨ ਮਾਹੌਲ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਤੁਰੰਤ ਸਥਿਤੀ 'ਤੇ ਕਾਬੂ ਪਾਉਣ ਲਈ ਵਾਧੂ ਫੋਰਸ ਤਾਇਨਾਤ ਕੀਤੀ ਗਈ | ਇਸ ਮੌਕੇ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ ਨੇ ਖ਼ੁਦ ਮੌਕੇ 'ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ | ਐੱਸ.ਐੱਸ.ਪੀ. ਨੇ ਕਿਹਾ ਕਿ ਹੁਣ ਤੱਕ ਪੁਲਿਸ ਕੋਲ ਕਿਸੇ ਵੀ ਤਰ੍ਹਾਂ ਦੀ ਅਧਿਕਾਰਕ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਅਤੇ ਪੂਰੀ ਚੋਣ ਪ੍ਰਕਿਰਿਆ ਸ਼ਾਂਤਮਈ ਢੰਗ ਨਾਲ ਚੱਲ ਰਹੀ ਹੈ | ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਦੋ ਡੀ.ਐੱਸ.ਪੀ. ਸਮੇਤ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਵੋਟਿੰਗ ਪੂਰੀ ਤਰ੍ਹਾਂ ਫਰੀ ਐਂਡ ਫੇਅਰ ਢੰਗ ਨਾਲ ਕਰਵਾਈ ਜਾ ਸਕੇ | ਉਨ੍ਹਾਂ ਕਿਹਾ ਕਿ ਪੋਲਿੰਗ ਕੇਂਦਰ ਦੇ 200 ਮੀਟਰ ਦੇ ਘੇਰੇ ਵਿਚ ਕਿਸੇ ਵੀ ਗੈਰ-ਲੋੜੀਂਦੇ ਵਿਅਕਤੀ ਨੂੰ ਖੜ੍ਹਾ ਨਹੀਂ ਹੋਣ ਦਿੱਤਾ ਜਾ ਰਿਹਾ ਅਤੇ ਸੁਰੱਖਿਆ ਦੇ ਸਾਰੇ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ | ਵੋਟਰਾਂ ਦੀ ਚੈਕਿੰਗ ਤੋਂ ਬਾਅਦ ਹੀ ਅੰਦਰ ਜਾਣ ਦੀ ਆਗਿਆ ਦਿੱਤੀ ਜਾ ਰਹੀ ਹੈ ਅਤੇ ਪੂਰਾ ਮਾਹੌਲ ਸ਼ਾਂਤਮਈ ਬਣਿਆ ਹੋਇਆ ਹੈ | ਐੱਸ.ਐੱਸ.ਪੀ. ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸ਼ਹਿਰ ਵਿਚ ਕੋਈ ਬਾਹਰੀ ਜਾਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਾ ਤੱਤ ਸਾਹਮਣੇ ਆਇਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਉਹ ਖ਼ੁਦ ਮੌਕੇ 'ਤੇ ਮੌਜੂਦ ਹਨ ਅਤੇ ਪੁਲਿਸ ਪ੍ਰਸ਼ਾਸਨ ਹਾਲਾਤਾਂ 'ਤੇ ਪੂਰੀ ਨਿਗਰਾਨੀ ਰੱਖ ਰਿਹਾ ਹਾਂ | ਉਨ੍ਹਾਂ ਭਰੋਸਾ ਦਿੱਤਾ ਕਿ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤਮਈ ਢੰਗ ਨਾਲ ਸੰਪੰਨ ਕਰਵਾਉਣਾ ਪੁਲਿਸ ਪ੍ਰਸ਼ਾਸਨ ਦੀ ਪਹਿਲੀ ਤਰਜ਼ੀਹ ਹੈ |