ਕੋਟਕਪੂਰਾ, 27 ਮਈ (ਮੋਹਰ ਸਿੰਘ ਗਿੱਲ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਵਿਖੇ ਵਿਸ਼ੇਸ਼ ਤੌਰ 'ਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੰਦਿਆਂ, ਨਰਸਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਠੰਢਾ-ਮਿੱਠਾ ਜਲ ਛਕਾਇਆ ਗਿਆ | ਰਾਹਗੀਰਾਂ ਨੂੰ ਵੀ ਛਬੀਲ ਦਾ ਪਾਣੀ ਛਕਾਇਆ ਗਿਆ | ਸਕੂਲ ਕੈਂਪਸ ਵਿਚ ਸਵੇਰ ਤੋਂ ਹੀ ਸੇਵਾ ਭਾਵਨਾ ਦਾ ਧਾਰਮਿਕ ਮਾਹੌਲ ਵੇਖਣ ਨੂੰ ਮਿਲਿਆ | ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਸੇਵਾ ਨਿਭਾਉਂਦਿਆਂ ਲੋਕਾਂ ਨੂੰ ਜਲ ਛਕਾਇਆ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ ਦਾ ਸੰਦੇਸ਼ ਦਿੱਤਾ | ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ, ਸਹਿਣਸ਼ੀਲਤਾ, ਸ਼ਾਂਤੀ ਅਤੇ ਮਨੁੱਖਤਾ ਪ੍ਰਤੀ ਦਿੱਤੇ ਗਏ ਮਹਾਨ ਯੋਗਦਾਨ ਬਾਰੇ ਜਾਣੂ ਕਰਵਾਇਆ | ਪਿ੍ੰਸੀਪਲ ਮੀਨਾਕਸੀ ਸ਼ਰਮਾ ਨੇ ਕਿਹਾ ਕਿ ਸ੍ਰੀ ਗੁਰੂ ਸਾਹਿਬ ਦੀ ਸ਼ਹਾਦਤ ਸਾਨੂੰ ਸੱਚ, ਸੇਵਾ ਅਤੇ ਸਰਬੱਤ ਦੇ ਭਲੇ ਦਾ ਮਾਰਗ ਦਿਖਾਉਂਦੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਉਪਰਾਲੇ ਵਿਦਿਆਰਥੀਆਂ ਵਿਚ ਸੇਵਾ ਭਾਵਨਾ, ਦਇਆ ਅਤੇ ਮਨੁੱਖਤਾ ਦੀ ਭਲਾਈ ਦੇ ਗੁਣ ਪੈਦਾ ਕਰਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਵਿਚ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਅਤੇ ਸਮਾਜ ਦੀ ਭਲਾਈ ਲਈ ਹਮੇਸ਼ਾ ਅੱਗੇ ਆਉਣ |