ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਇਕ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਵਿਖੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਇਕ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਟਰੈਫ਼ਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ.ਐਸ.ਆਈ. ਕੇਵਲ ਸਿੰਘ ਨੇ ਸੈਮੀਨਾਰ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ, ਪਿ੍ੰਸੀਪਲ ਨੀਤੂ ਡਾਂਡੀ ਅਤੇ ਅਧਿਆਪਕ ਸਟਾਫ਼ ਵਲੋਂ ਉਨ੍ਹਾਂ ਦਾ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਏ.ਐਸ.ਆਈ. ਕੇਵਲ ਸਿੰਘ ਨੇ ਕਿਹਾ ਕਿ ਇਹ ਸੈਮੀਨਾਰ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ, ਡੀ.ਐਸ.ਪੀ. (ਸਿਟੀ) ਜਤਿੰਦਰ ਸਿੰਘ ਅਤੇ ਡੀ.ਐਸ.ਪੀ. (ਟਰੈਫ਼ਿਕ) ਮੋਗਾ ਦੇ ਨਿਰਦੇਸ਼ਾਂ ਹੇਠ ਆਯੋਜਿਤ ਕੀਤਾ ਗਿਆ ਸੀ | ਇਸ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਨੂੰ ਟਰੈਫ਼ਿਕ ਸਿਗਨਲਾਂ, ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ, ਹੈਲਪ ਲਾਈਨ ਨੰਬਰਾਂ, ਨਸ਼ਿਆਂ ਤੋਂ ਦੂਰ ਰਹਿਣ ਦੀ ਜ਼ਰੂਰਤ ਅਤੇ ਸਾਈਬਰ ਅਪਰਾਧਾਂ ਨਾਲ ਜੁੜੀਆਂ ਧੋਖਾਧੜੀਆਂ ਤੋਂ ਆਪਣੇ ਆਪ ਨੂੰ ਕਿਵੇਂ ਬਚਾਉਣਾ ਹੈ, ਬਾਰੇ ਵਿਆਪਕ ਤੌਰ 'ਤੇ ਜਾਗਰੂਕ ਕੀਤਾ ਗਿਆ | ਉਨ੍ਹਾਂ ਨੇ ਵੱਖ-ਵੱਖ ਟਰੈਫ਼ਿਕ ਸਿਗਨਲਾਂ ਬਾਰੇ ਸਾਰਿਆਂ ਨੂੰ ਵਿਸਤਰਿਤ ਜਾਣਕਾਰੀ ਪ੍ਰਦਾਨ ਕੀਤੀ | ਦਰਸ਼ਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ, ਤੇਜ਼ ਰਫ਼ਤਾਰ ਤੋਂ ਬਚਣ, ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਪਹਿਨਣ, ਨਸ਼ੇ ਦੇ ਪ੍ਰਭਾਵ ਹੇਠ ਗੱਡੀ ਚਲਾਉਣ ਤੋਂ ਪਰਹੇਜ਼ ਕਰਨ, ਵਾਹਨਾਂ ਦੇ ਪੂਰੇ ਦਸਤਾਵੇਜ਼ ਰੱਖਣ ਅਤੇ ਹੈਲਪ ਲਾਈਨ ਨੰਬਰਾਂ ਦੀ ਵਰਤੋਂ ਕਰਨ ਦੀ ਜ਼ਰੂਰਤ ਬਾਰੇ ਪੂਰੀ ਤਰ੍ਹਾਂ ਸਿੱਖਿਅਤ ਕੀਤਾ ਗਿਆ | ਉਨ੍ਹਾਂ ਨੇ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਨਿਰਧਾਰਿਤ ਹੈਲਪ ਲਾਈਨ ਨੰਬਰਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਨੇ ਸਾਈਬਰ ਅਪਰਾਧਾਂ ਤੋਂ ਹੋਣ ਵਾਲੀ ਧੋਖਾਧੜੀ ਨੂੰ ਰੋਕਣ ਦੇ ਤਰੀਕਿਆਂ ਬਾਰੇ ਜਾਗਰੂਕਤਾ ਪੈਦਾ ਕੀਤੀ ਅਤੇ ਸਾਈਬਰ ਸੈਲ ਲਈ ਹੈਲਪ ਲਾਈਨ ਨੰਬਰਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਵੀ ਮੌਜੂਦ ਸਨ | ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |