ਫ਼ਰੀਦਕੋਟ, 29 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ, ਸੀ.ਆਈ.ਏ. ਸਟਾਫ਼ ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਵੀਂ ਦਾਣਾ ਮੰਡੀ ਫ਼ਰੀਦਕੋਟ ਮੌਜੂਦ ਸਨ ਤਾਂ ਜਸਪ੍ਰੀਤ ਸਿੰਘ ਪੁੱਤਰ ਜੱਸੂ ਅਤੇ ਲਵਪ੍ਰੀਤ ਸਿੰਘ ਲਵੀ ਪੁੱਤਰ ਪਰਮਜੀਤ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰ ਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 81 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਅਤੇ 25000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸ਼ੁਸ਼ੀਲ ਕੁਮਾਰ ਦੀ ਅਗਵਾਈ ਵਿਚ ਪੁਲਿਸ ਵਲੋਂ ਪਿੰਡ ਚਹਿਲ ਤੋਂ ਪੰਜਾਬ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਭਾਣਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ 'ਤੇ 2 ਗ੍ਰਾਮ 10 ਮਿਲੀਗ੍ਰਾਮ ਹੈਰੋਇਨ ਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |