ਜੈਤੋ, 30 ਮਈ (ਗੁਰਮੀਤਪਾਲ ਰੋੜੀਕਪੂਰਾ)-ਨੌਜਵਾਨ ਆਗੂ ਕਰਨ ਦੁਲੱਟ ਨੇ ਨਗਰ ਕੌਂਸਲ ਚੋਣਾਂ ਦੇ ਮੁਕੰਮਲ ਹੋਣ ਉਪਰੰਤ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿਚ ਪ੍ਰਸ਼ਾਸਨ ਨਾਕਾਮਯਾਬ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਅਸਲ ਤਾਕਤ ਨਿਰਪੱਖ ਚੋਣ ਪ੍ਰਕਿਰਿਆ ਵਿਚ ਨਿਹਿਤ ਹੁੰਦੀ ਹੈ, ਪਰ ਜੈਤੋ ਨਗਰ ਕੌਂਸਲ ਚੋਣਾਂ ਦੌਰਾਨ ਕਈ ਥਾਵਾਂ ਤੋਂ ਮਿਲੀਆਂ ਸ਼ਿਕਾਇਤਾਂ ਨੇ ਚੋਣ ਪ੍ਰਬੰਧਾਂ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਵਾਰਡਾਂ ਵਿਚ ਸੱਤਾ ਧਿਰ ਦੇ ਪ੍ਰਭਾਵ, ਧੱਕੇਸ਼ਾਹੀ ਅਤੇ ਪ੍ਰਸ਼ਾਸਨਿਕ ਢਿੱਲਮੱਠ ਕਾਰਨ ਚੋਣਾਂ ਦੀ ਪਾਰਦਰਸ਼ਤਾ ਪ੍ਰਭਾਵਿਤ ਹੋਈ ਹੈ | ਕਰਨ ਦੁਲੱਟ ਨੇ ਕਿਹਾ ਕਿ ਜੇਕਰ ਚੋਣਾਂ ਦੌਰਾਨ ਹਰ ਉਮੀਦਵਾਰ ਅਤੇ ਵੋਟਰ ਨੂੰ ਬਰਾਬਰ ਦਾ ਮੌਕਾ ਅਤੇ ਸੁਰੱਖਿਅਤ ਮਾਹੌਲ ਨਾ ਮਿਲੇ ਤਾਂ ਲੋਕਤੰਤਰ ਦੀ ਭਾਵਨਾ ਨੂੰ ਠੇਸ ਪਹੁੰਚਦੀ ਹੈ | ਉਨ੍ਹਾਂ ਮੰਗ ਕੀਤੀ ਕਿ ਚੋਣਾਂ ਦੌਰਾਨ ਸਾਹਮਣੇ ਆਈਆਂ ਸਾਰੀਆਂ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜਿੱਥੇ ਵੀ ਕੋਈ ਕੁਤਾਹੀ ਸਾਹਮਣੇ ਆਵੇ, ਉੱਥੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਵਿੱਖ ਵਿਚ ਅਜਿਹੇ ਪ੍ਰਬੰਧ ਕੀਤੇ ਜਾਣ ਕਿ ਹਰ ਚੋਣ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਵਿਵਾਦ ਰਹਿਤ ਹੋਵੇ ਤਾਂ ਜੋ ਲੋਕਾਂ ਦਾ ਲੋਕਤੰਤਰਿਕ ਪ੍ਰਣਾਲੀ 'ਤੇ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ |