ਜੈਤੋ, 30 ਮਈ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਭੁਪਿੰਦਰ ਸਿੰਘ ਲਾਲੀ ਬਾਦਲ ਨੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸ਼ਹਿਰੀ ਵੋਟਰਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਪ੍ਰਤੀ ਰੁਝਾਨ ਲਗਾਤਾਰ ਵੱਧ ਰਿਹਾ ਹੈ, ਜਿਸ ਦੀ ਸਪੱਸ਼ਟ ਝਲਕ ਇਨ੍ਹਾਂ ਚੋਣ ਨਤੀਜਿਆਂ ਵਿਚ ਦੇਖਣ ਨੂੰ ਮਿਲੀ ਹੈ | ਉਨ੍ਹਾਂ ਵਾਰਡ ਨੰਬਰ 7 ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਜੇਤੂ ਉਮੀਦਵਾਰ ਮਮਤਾ ਰਾਣੀ ਪਤਨੀ ਰਾਧੇ ਸ਼ਾਮ ਦੀ ਜਿੱਤ ਦੀ ਖੁਸ਼ੀ ਵਿਚ ਧਾਰਮਿਕ ਸਥਾਨ 'ਤੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ | ਉਨ੍ਹਾਂ ਮਮਤਾ ਰਾਣੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ | ਲਾਲੀ ਬਾਦਲ ਨੇ ਕਿਹਾ ਕਿ ਪਾਰਟੀ ਉਮੀਦਵਾਰਾਂ ਨੂੰ ਮਿਲਿਆ ਭਰਪੂਰ ਸਮਰਥਨ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਅਕਾਲੀ ਦਲ ਦੀਆਂ ਨੀਤੀਆਂ, ਪੰਜਾਬ, ਪੰਜਾਬੀਅਤ ਅਤੇ ਪੰਥਕ ਸੋਚ ਨਾਲ ਅੱਜ ਵੀ ਮਜ਼ਬੂਤੀ ਨਾਲ ਜੁੜੇ ਹੋਏ ਹਨ | ਉਨ੍ਹਾਂ ਕਿਹਾ ਕਿ ਜੇਤੂ ਉਮੀਦਵਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਆਪਣੇ-ਆਪਣੇ ਵਾਰਡਾਂ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ | ਉਨ੍ਹਾਂ ਚੋਣਾਂ ਦੌਰਾਨ ਪਾਰਟੀ ਦਾ ਸਾਥ ਦੇਣ ਵਾਲੇ ਵੋਟਰਾਂ, ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਮਿਲਿਆ ਇਹ ਪਿਆਰ ਅਤੇ ਸਮਰਥਨ ਪਾਰਟੀ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਦੀ ਆਵਾਜ਼ ਬਣਨ ਲਈ ਪ੍ਰੇਰਿਤ ਕਰੇਗਾ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦਾ ਜਨ ਆਧਾਰ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਉਠਾਉਂਦੀ ਰਹੇਗੀ |