ਸ੍ਰੀ ਮੁਕਤਸਰ ਸਾਹਿਬ, 2 ਜੂਨ (ਹਰਮਹਿੰਦਰ ਪਾਲ)-ਸੇਵਾ ਕੇਂਦਰ ਮੁਲਾਜ਼ਮ ਵੈੱਲਫ਼ੇਅਰ ਐਸੋਸੀਏਸ਼ਨ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ | ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਭੇਜ ਕੇ ਚਿਤਾਵਨੀ ਦਿੱਤੀ ਗਈ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਪੰਜਾਬ ਭਰ ਦੇ ਸੇਵਾ ਕੇਂਦਰਾਂ ਵਿਚ ਮੁਕੰਮਲ ਕਲਮਛੋੜ ਹੜਤਾਲ ਕੀਤੀ ਜਾਵੇਗੀ, ਜਿਸ 'ਤੇ ਮੰਗਲਵਾਰ ਨੂੰ ਜਥੇਬੰਦੀ ਵਲੋਂ ਹੜਤਾਲ ਕੀਤੀ ਗਈ | ਇਸ ਮੌਕੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਿਸ਼ੇਸ਼ ਤੌਰ 'ਤੇ ਹੜਤਾਲ 'ਚ ਸ਼ਾਮਿਲ ਹੋਏ ਅਤੇ ਜਥੇਬੰਦੀ ਦਾ ਸਮਰਥਨ ਕੀਤਾ | ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਮੁਲਾਜ਼ਮ ਪਿਛਲੇ ਕਰੀਬ 10 ਸਾਲਾਂ ਤੋਂ ਸਿਰਫ਼ 10 ਹਜ਼ਾਰ ਰੁਪਏ ਮਹੀਨਾ ਤਨਖ਼ਾਹ 'ਤੇ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿਚ ਇਸ ਤਨਖ਼ਾਹ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ | ਮੁਲਾਜ਼ਮਾਂ ਨੇ ਮੰਗ ਕੀਤੀ ਕਿ ਬਰਾਬਰ ਕੰਮ, ਬਰਾਬਰ ਤਨਖ਼ਾਹ ਦਾ ਨਿਯਮ ਲਾਗੂ ਕੀਤਾ ਜਾਵੇ ਅਤੇ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਸੇਵਾ ਕੇਂਦਰ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸੇਵਾ ਕੇਂਦਰ ਪੋ੍ਰਜੈਕਟ ਨੂੰ ਕਿਸੇ ਪ੍ਰਾਈਵੇਟ ਕੰਪਨੀ ਦੀ ਬਜਾਏ, ਸਿੱਧੇ ਪੰਜਾਬ ਸਰਕਾਰ ਦੇ ਅਧੀਨ ਚਲਾਇਆ ਜਾਵੇ | ਜਥੇਬੰਦੀ ਨੇ ਦੋਸ਼ ਲਗਾਇਆ ਕਿ ਕੰਪਨੀ ਵਲੋਂ ਮੁਲਾਜ਼ਮਾਂ ਨੂੰ ਸਿਰਫ਼ 6-6 ਮਹੀਨਿਆਂ ਦੇ ਠੇਕੇ ਦਿੱਤੇ ਜਾ ਰਹੇ ਹਨ, ਜਿਸ ਕਾਰਨ ਕਰਮਚਾਰੀ ਹਮੇਸ਼ਾ ਨੌਕਰੀ ਦੀ ਅਣਸ਼ਚਿਤਤਾ ਵਿਚ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਪੰਜਾਬ ਦੇ ਨੌਜਵਾਨਾਂ ਦਾ ਸੋਸ਼ਣ ਕਰ ਰਹੀਆਂ ਹਨ, ਜਦਕਿ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ | ਮੁਲਾਜ਼ਮਾਂ ਨੇ ਦੱਸਿਆ ਕਿ ਸੇਵਾ ਕੇਂਦਰਾਂ ਨੇ ਸਾਲ 2018 ਤੋਂ ਹੁਣ ਤੱਕ 8.49 ਕਰੋੜ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਕੀਤਾ ਹੈ | ਇਸ ਤੋਂ ਇਲਾਵਾ ਇਕੱਲੇ ਇਸ ਮਹੀਨੇ ਦੌਰਾਨ ਹੀ 13.66 ਲੱਖ ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ | ਐਨਾ ਵੱਡਾ ਕੰਮ ਕਰਨ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ 2 ਜੂਨ ਤੋਂ ਪੰਜਾਬ ਭਰ ਵਿਚ ਕਲਮਛੋੜ ਹੜਤਾਲ ਸ਼ੁਰੂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਲੋਕਾਂ ਨੂੰ ਹੋਣ ਵਾਲੀ ਕਿਸੇ ਵੀ ਪ੍ਰੇਸ਼ਾਨੀ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਹਰਦੀਪ ਸਿੰਘ, ਵਾਈਸ ਪ੍ਰਧਾਨ ਅਮਨਦੀਪ ਸਿੰਘ ਅਤੇ ਹੋਰ ਮੈਂਬਰਾਂ ਨੇ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਮੰਨਣ ਦੀ ਅਪੀਲ ਕੀਤੀ |