ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਅਮਿਤ ਕੁਮਾਰ ਪੰਚਾਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਆਈ.ਆਰ. ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 6,93,611 ਵੋਟਰਾਂ ਵਿਚੋਂ ਹੁਣ ਤੱਕ 6,40,508 ਵੋਟਰਾਂ (92.34 ਫ਼ੀਸਦੀ) ਦੀ ਵੋਟਰ ਸੂਚੀ 2003 ਨਾਲ ਮੈਪਿੰਗ ਸਫ਼ਲਤਾਪੂਰਵਕ ਕੀਤੀ ਜਾ ਚੁੱਕੀ ਹੈ ਅਤੇ ਅਜੇ ਵੀ ਜ਼ਿਲ੍ਹੇ ਦੇ 56,044 ਵੋਟਰ ਅਨ ਮੈਪਡ ਹਨ, ਜਿਨ੍ਹਾਂ ਨੂੰ ਕਵਰ ਕਰਨਾ ਬਹੁਤ ਜ਼ਰੂਰੀ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਸੂਚੀ 2003 ਦੇ ਮੌਜੂਦਾ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 7 ਜੂਨ (ਐਤਵਾਰ) ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ | ਉਨ੍ਹਾਂ ਦੱਸਿਆ ਕਿ ਕੈਂਪ ਵਾਲੇ ਦਿਨ ਸਾਰੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਆਪਣੇ-ਆਪਣੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਦੀ ਸਹਾਇਤਾ ਕਰਨਗੇ | ਸਾਲ 2003 ਦੀ ਵੋਟਰ ਸੂਚੀ ਦੇ ਆਧਾਰ 'ਤੇ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਨਾਗਰਿਕ ਆਪਣੇ ਬੂਥ 'ਤੇ ਜਾ ਕੇ ਇਸ ਦਾ ਲਾਭ ਉਠਾ ਸਕਦੇ ਹਨ | ਜ਼ਿਲ੍ਹਾ ਚੋਣ ਅਧਿਕਾਰੀ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ (ਬੀ.ਐੱਲ.ਓਜ਼.) ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਇਕ ਰੋਜ਼ਾ ਵਿਸ਼ੇਸ਼ ਕੈਂਪ ਨੂੰ ਸਫ਼ਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ |