ਫ਼ਰੀਦਕੋਟ, 18 ਜੂਨ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਦਾਣਾ ਮੰਡੀ, ਫ਼ਰੀਦਕੋਟ ਮੌਜੂਦ ਸਨ ਤਾਂ ਗੁਰਪ੍ਰੀਤ ਸਿੰਘ ਹੈਪੀ ਪੁੱਤਰ ਅਮਰਜੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ ‘ਤੇ ਕਾਬੂ ਕਰ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ‘ਤੇ 4.40 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਹੌਲਦਾਰ ਵਰਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਸੈਦੇਕੇ ਤੋਂ ਗਗਨਪ੍ਰੀਤ ਸਿੰਘ ਪੁੱਤਰ ਘੁੱਕਰ ਸਿੰਘ ਵਾਸੀ ਪਿੰਡ ਕੋਟਲੀ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ‘ਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਹੌਲਦਾਰ ਵਰਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਾਦਿਕ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।
ਹੈਰੋਇਨ ਸਮੇਤ ਦੋ ਵਿਅਕਤੀ ਕਾਬੂ
ਅਜੀਤ ਡੈਸਕ
19-06-2026