ਮਲੋਟ, 18 ਜੂਨ (ਪਾਟਿਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਦੁਆਰਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਾ ਤਸਕਰ ਵਲੋਂ ਗ਼ੈਰਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਸਿਵਲ ਪ੍ਰਸ਼ਾਸਨ ਵਲੋਂ ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਮਲੋਟ ਅਧੀਨ ਪੈਂਦੇ ਪਿੰਡ ਅਬੁੱਲਖੁਰਾਣਾ ਵਿਚ ਸ਼ਵਿੰਦਰ ਸਿੰਘ ਉਰਫ਼ ਕਿੰਦੂ ਪੁੱਤਰ ਜਰਨੈਲ ਸਿੰਘ ਵਲੋਂ ਗ਼ੈਰਕਾਨੂੰਨੀ ਤਰੀਕੇ ਨਾਲ ਇਕ ਇਮਾਰਤ ਬਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਮਰੱਥ ਅਥਾਰਟੀ ਤੋਂ ਇਮਾਰਤ ਢਾਹੁਣ ਲਈ ਹਦਾਇਤਾਂ ਪ੍ਰਾਪਤ ਕੀਤੀਆਂ ਗਈਆਂ ਸਨ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਵਿਭਾਗ ਤੋਂ ਸਹਿਯੋਗ ਲਿਆ ਗਿਆ। ਉਨ੍ਹਾਂ ਕਿਹਾ ਕਿ ਪੂਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਅੱਜ ਇਸ ਗ਼ੈਰਕਾਨੂੰਨੀ ਇਮਾਰਤ ਨੂੰ ਢਾਹ ਦਿੱਤਾ ਗਿਆ। ਇਸ ਮੌਕੇ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ) ਨੇ ਦੱਸਿਆ ਕਿ ਸ਼ਵਿੰਦਰ ਸਿੰਘ ਉਰਫ਼ ਕਿੰਦੂ ਪੁੱਤਰ ਜਰਨੈਲ ਸਿੰਘ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸੰਬੰਧਿਤ 5 ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ, ਉਸ ਦੀ ਜਾਇਦਾਦ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਰਾਹੀਂ ਅਟੈਚ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਨਿਡਰ ਹੋ ਕੇ ਪੁਲਿਸ ਨੂੰ ਦਿੱਤੀ ਜਾਵੇ। ਇਸ ਮੌਕੇ ਰਸ਼ਪਾਲ ਸਿੰਘ ਡੀ.ਐੱਸ.ਪੀ. (ਡੀ), ਜਸਪਾਲ ਸਿੰਘ ਡੀ.ਐੱਸ.ਪੀ. ਮਲੋਟ, ਪ੍ਰਦੀਪ ਸਿੰਘ ਡੀ.ਐੱਸ.ਪੀ. ਐੱਨ.ਡੀ.ਪੀ.ਐੱਸ., ਇੰਸਪੈਕਟਰ ਵਰੁਣ ਮੁੱਖ ਅਫ਼ਸਰ ਥਾਣਾ ਸਿਟੀ ਮਲੋਟ, ਬੀ.ਡੀ.ਪੀ.�. ਮਲੋਟ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।