ਮਲੋਟ, 18 ਜੂਨ (ਪਾਟਿਲ)-ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਵੇਰ ਦੇ ਦੀਵਾਨਾਂ ਦੌਰਾਨ ਸਵੇਰੇ 10:30 ਵਜੇ ਤੋਂ ਦੁਪਹਿਰ 1 ਵਜੇ ਤੱਕ ਗੁਰਮਤਿ ਸਮਾਗਮ ਹੋਇਆ, ਜਿਸ ਵਿਚ ਭਾਈ ਹਰਜਿੰਦਰ ਸਿੰਘ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਅਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਰਾਗੀ ਜਥਿਆਂ ਨੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ, ਸਿੱਖੀ ਸਿਧਾਂਤਾਂ ਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਮੌਕੇ ਬੁਲਾਰਿਆਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ, ਧਰਮ ਤੇ ਸੱਚ ਲਈ ਦਿੱਤੀ ਗਈ ਇਕ ਮਹਾਨ ਕੁਰਬਾਨੀ ਹੈ, ਜੋ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। Çਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਦੇ ਨਾਲ ਹੀ ਸੰਗਤਾਂ ਤੇ ਰਾਹਗੀਰਾਂ ਦੀ ਸੇਵਾ ਲਈ ਠੰਡੇ-ਮਿੱਠੇ ਜਲ ਦੀ ਛਬੀਲ ਵੀ ਨਿਰੰਤਰ ਚਲਾਈ ਗਈ। ਇਸ ਮੌਕੇ ਗੁਰਬਚਨ ਸਿੰਘ, ਹਰਜੀਤ ਸਿੰਘ, ਦਵਿੰਦਰ ਪਾਲ ਸਿੰਘ ਮੱਕੜ, ਜਸਪਾਲ ਸਿੰਘ, ਗੁਰਮਿੰਦਰ ਪਾਲ ਸਿੰਘ, ਦਲਜੀਤ ਸਿੰਘ, ਮਹਿੰਦਰ ਪਾਲ ਸਿੰਘ, ਹਰਵਿੰਦਰ ਪਾਲ ਸਿੰਘ, ਇੰਦਰਮੋਹਨ ਸਿੰਘ, ਹਰਜਿੰਦਰ ਸਿੰਘ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਸੇਵਾਦਾਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ.।
ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅਜੀਤ ਡੈਸਕ
19-06-2026