ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ)-ਹਰ ਬਜ਼ੁਰਗ, ਬੱਚੇ ਤੇ ਨੌਜਵਾਨ ਨੂੰ ਆਪਣੀ ਸਿਹਤ ਪ੍ਰਤੀ ਹੋਰ ਸੁਚੇਤ ਕਰਨ ਲਈ ਪੁਰਾਤਨ ਵਿਧੀ, ਯੋਗਾ ਰਾਹੀਂ ਨਿਰੋਗ ਰਹਿਣ ਅਤੇ ਪ੍ਰੇਰਿਤ ਕਰਨ ਹਿੱਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਗੁਰੂ ਗੋਬਿੰਦ ਸਿੰਘ ਪਾਰਕ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 6 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਯੋਗ ਆਸਣ ਸੰਬੰਧੀ ਲੋਕਾਂ ਨੂੰ ਅਭਿਆਸ ਕਰਵਾ ਕੇ ਇਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ ਇਸ ਵਿਧੀ ਨੂੰ ਹਰ ਰੋਜ਼ ਕਰਕੇ ਲੋਕਾਂ ਨੂੰ ਨਿਰੋਗ ਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਯੋਗ ਕੋਆਰਡੀਨੇਟਰ ਅਤੇ ਯੋਗਾ ਟਰੇਨਰ ਨਿਯੁਕਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੈਲਪ ਲਾਈਨ ਨੰਬਰ ਸਥਾਪਤ ਕੀਤਾ ਹੈ, ਜਿਸ ‘ਤੇ ਮੁਫ਼ਤ ਯੋਗ ਕਲਾਸਾਂ ਆਪਣੇ ਮੁਹੱਲੇ ਵਿਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ ਵੈੱਬਸਾਈਟ ‘ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿਚ ਯੋਗ ਕਰਨ ਦੇ ਲਈ ਮੁਫ਼ਤ ਯੋਗ ਕਲਾਸਾਂ ਲੈਣ ਲਈ ਫ਼ੋਨ ਨੰਬਰ ‘ਤੇ ਮਿਸ ਕਾਲ ਦੇ ਸਕਦੇ ਹਨ। ਮਾਹਿਰ ਯੋਗ ਟਰੇਨਰ ਉਨ੍ਹਾਂ ਨੂੰ ਖੁੱਲ੍ਹੇ ਪਾਰਕਾਂ ਅਤੇ ਹੋਰ ਜਨਤਕ ਸਥਾਨਾਂ ‘ਤੇ ਮੁਫ਼ਤ ਯੋਗ ਕਲਾਸਾਂ ਦੇਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ 21 ਜੂਨ ਦਿਨ ਐਤਵਾਰ ਨੂੰ ਸਵੇਰੇ 6 ਵਜੇ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਮੂਲੀਅਤ ਕਰਨ।
21 ਜੂਨ ਨੂੰ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ-ਡਿਪਟੀ ਕਮਿਸ਼ਨਰ
ਅਜੀਤ ਡੈਸਕ
20-06-2026