ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ ਮੱਲਣ, ਸਕੱਤਰ ਅਮਰਜੀਤ ਪਾਲ ਸ਼ਰਮਾ ਅਤੇ ਪ੍ਰੈੱਸ ਸਕੱਤਰ ਵਿਜੈ ਕੁਮਾਰ ਸੋਈ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ, ਆਊਟਸੋਰਸ ਤੇ ਪੈਨਸ਼ਨਰ ਸਾਥੀਆਂ ਲਈ ਧਾਰਨ ਕੀਤੇ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅੱਜ ਲੋਕਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਲੋਕਾਂ ਨਾਲ ਕੀਤੇ ਵਾਅਦੇ ਲੋਕਾਂ ਨੂੰ ਸਬਜਬਾਗ ਦਿਖਾਉਣ ਵਾਂਗ ਸਿੱਧ ਹੋਏ ਹਨ। ਬੇਰੁਜ਼ਗਾਰੀ, ਰਿਸ਼ਵਤਖੋਰੀ, ਲੁੱਟ-ਖੋਹ, ਮਹਿੰਗਾਈ ਸਿਖ਼ਰਾਂ ਨੂੰ ਛੂਹ ਰਹੀ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਵੱਖ-ਵੱਖ ਮਹਿਕਮਿਆਂ ਦੇ ਸੰਘਰਸ਼ਸ਼ੀਲ ਸਾਥੀਆਂ ਦੀ ਗੱਲ ਸੁਣ ਕੇ ਮਸਲੇ ਦਾ ਹੱਲ ਕੀਤਾ ਜਾਵੇ ਅਤੇ ਠੇਕਾ, ਆਊਟਸੋਰਸ, ਇਨਲਿਸਟਮੈਂਟ ਤੇ ਪੈਸਕੋ ਅਧੀਨ ਕੰਮ ਕਰਦੇ ਕਾਮਿਆਂ ਨੂੰ ਮਹਿਕਮੇ ਵਿਚ ਸ਼ਾਮਿਲ ਕੀਤਾ ਜਾਵੇ। ਇਸ ਤੋਂ ਇਲਾਵਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ। ਜੇਕਰ ਪੰਜਾਬ ਸਰਕਾਰ ਨੇ ਕੰਧ ‘ਤੇ ਲਿਖਿਆ ਨਾ ਪੜ੍ਹਿਆ ਤਾਂ ਚੱਲ ਰਹੇ ਸੰਘਰਸ਼ਾਂ ਦੀ ਹਮਾਇਤ ਕਰਦਿਆਂ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਅਤੇ ਪੰਜਾਬ ਗੌਰਮਿੰਟ ਪੈਨਸ਼ਨਰ ਸਾਂਝੇ ਫ਼ਰੰਟ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ 29 ਜੁਲਾਈ ਨੂੰ ਸੰਗਰੂਰ ਵਿਚ ਲਾਮਿਸਾਲ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।