ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਪੰਜਗਰਾਈਂ ਕਲਾਂ ਵਿਖੇ ਆਮਦ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐਸ.ਐਸ.ਪੀ ਗੁਰਬੰਸ ਸਿੰਘ ਬੈਂਸ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਸਮਾਗਮ ਨਾਲ ਸੰਬੰਧਿਤ ਸਾਰੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵਲੋਂ ਹਲਕਾ ਜੈਤੋ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ ਲੋਕ ਮਿਲਣੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸੁਰੱਖਿਆ, ਟਰੈਫਿਕ ਪ੍ਰਬੰਧ, ਸਫਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ, ਐਸ.ਡੀ. ਐਮ ਜੈਤੋ ਵਿਕਰਮਜੀਤ, ਐਸ.ਡੀ.ਐਮ ਕੋਟਕਪੂਰਾ ਰਾਜਿੰਦਰ ਸਿੰਘ, ਪਰਮਿੰਦਰ ਸਿੰਘ ਤਹਿਸੀਲਦਾਰ ਕੋਟਕਪੂਰਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।