ਫ਼ਰੀਦਕੋਟ, 26 ਜੂਨ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲੇ ਦਰਜ ਕਰ ਲਏ ਗਏ ਹਨ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਚਹਿਲ ਨੇੜੇ ਪੁਲ ਸੇਮਨਾਲਾ ਪਹੁੰਚੇ ਤਾਂ ਚਹਿਲ ਤਰਫੋਂ ਆ ਰਹੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸ਼ੈਬਰ ਸਿੰਘ ਵਾਸੀ ਚਹਿਲ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 18 ਪਾਬੰਦੀਸ਼ੁਦਾ ਨਸ਼ੇ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਦੀ ਅਗਵਾਈ ਵਾਲੀ ਸਦਰ ਪੁਲਿਸ ਵਲੋਂ ਸਾਜਨ ਸਿੰਘ ਉਰਫ਼ ਜੱਗਾ ਪੁੱਤਰ ਸਰਵਨ ਸਿੰਘ ਵਾਸੀ ਚਹਿਲ ਨੂੰ ਪਿੰਡ ਰਾਜੇਵਾਲਾ ਤੋਂ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ ’ਤੇ ਨਸ਼ੇ ਦੀਆਂ 18 ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ, ਜਿਸ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਚਮਕੌਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਫ਼ਰੀਦਕੋਟ ਦੀ ਬੰਦ ਪਈ ਸ਼ੂਗਰ ਮਿੱਲ ਤੋਂ ਰੀਤਿਕ ਪੁੱਤਰ ਰਕੇਸ਼ ਕੁਮਾਰ ਵਾਸੀ ਫ਼ਰੀਦਕੋਟ ਨੂੰ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ ’ਤੇ 300 ਪਾਬੰਦੀਸ਼ੁਦਾ ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ ਹਨ, ਜਿਸ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਆਦੇਸ਼ਾਂ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।