ਫ਼ਰੀਦਕੋਟ, 26 ਜੂਨ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ 28 ਜੂਨ ਨੂੰ ਪਿੰਡ ਚੰਦਬਾਜਾ ਵਿਖੇ ਹੋਣ ਵਾਲੀ ਆਮਦ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਚੰਦਬਾਜਾ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਜੂਨ ਨੂੰ ਪਿੰਡ ਚੰਦਬਾਜਾ ਦੀ ਸੱਥ ਵਿਚ ਲੋਕਾਂ ਨਾਲ ਸਿੱਧੀ ਲੋਕ ਮਿਲਣੀ ਕਰਨਗੇ। ਇਸ ਤੋਂ ਪਹਿਲਾਂ ਪਿੰਡ ਦੀ ਦਾਣਾ ਮੰਡੀ ਵਿਖੇ ਮੁੱਖ ਮੰਤਰੀ ‘ਪਿੰਡ ਜਿੰਮ’ ਯੋਜਨਾ ਤਹਿਤ ਪੰਜਾਬ ਦੇ 500 ਪਿੰਡਾਂ ਵਿਚ ਜਿੰਮਾਂ ਦੀ ਸ਼ੁਰੂਆਤ ਕਰਨਗੇ। ਸਪੀਕਰ ਸੰਧਵਾਂ ਨੇ ਸੁਰੱਖਿਆ, ਟਰੈਫਿਕ ਪ੍ਰਬੰਧ, ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਸਾਰੇ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਸਪੀਕਰ ਸੰਧਵਾਂ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਗਮ ਸਬੰਧੀ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਅਨੁਸਾਰ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਰਾਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।