ਫ਼ਰੀਦਕੋਟ, 27 ਜੂਨ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਦੇ ਆਗੂ ਅੱਜ ਫ਼ਰੀਦਕੋਟ ਪੁੱਜੇ ਜਿੱਥੇ ਉਨ੍ਹਾਂ ਵਰਕਰਾਂ ਨਾਲ ਗੱਲਬਾਤ ਕੀਤੀ। ਅੱਜ ਕਈ ਨਵੇਂ ਚਿਹਰਿਆਂ ਨੇ ਪਾਰਟੀ ਵਿਚ ਸ਼ਮੂਲੀਅਤ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ, ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਫ਼ਰੀਦਕੋਟ ਦੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਤੋਂ ਇਲਾਵਾ ਸਮੁੱਚੀ ਲੀਡਰਸ਼ਿਪ ਵਲੋਂ ਮੀਟਿੰਗ ਵਿਚ ਸ਼ਮੂਲੀਅਤ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਦਲੇਰ ਸਿੰਘ ਡੋਡ ਦੀ ਅਗਵਾਈ ਵਿਚ ਹੋਏ ਭਾਰੀ ਇਕੱਠ ’ਚ ਵੱਖ ਵੱਖ ਆਗੂਆਂ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਨਵੇਂ ਆਏ ਮਹਿਮਾਨਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਸ਼੍ਰੋਮਣੀ ਅਕਾਲੀ ਦਲ ਪੁਰਨ ਸੁਰਜੀਤ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਏ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ। ਇਹ ਕੇਵਲ ਇੱਥੇ ਰਾਜ ਕਰਨ ਅਤੇ ਪੰਜਾਬ ਦੇ ਲੋਕਾਂ ਨੂੰ ਲੁੱਟਣ ਆਉਂਦੀਆਂ ਹਨ। ਉਨ੍ਹਾਂ ਅੱਜ ਦੇ ਦੌਰ ਵਿਚ ਸਭ ਤੋਂ ਵੱਡੀ ਗੱਲ ਹੈ ਕਿ ਨੌਜਵਾਨਾਂ ਨੂੰ ਇਕ ਸਹੀ ਦਿਸ਼ਾ ਦੇਣਾ, ਉਨ੍ਹਾਂ ਵਿਚ ਸਕਿਲ ਪੈਦਾ ਕਰਨੀ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਤਾਂ ਜੋ ਉਹ ਰੁਜ਼ਗਾਰ ਨਾਲ ਜਾਂ ਖੇਡਾਂ ਨਾਲ ਜੁੜ ਕੇ ਨਸ਼ੇ ਤੋਂ ਰਹਿਤ ਹੋ ਸਕਣ। ਦੂਜੇ ਪਾਸੇ ਪੰਜਾਬ ਵਿਚ ਲਗਾਤਾਰ ਵਧ ਰਹੀਆਂ ਗੈਂਗਸਟਰਵਾਦ ਦੀਆਂ ਘਟਨਾਵਾਂ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਇਨ੍ਹਾਂ ਮੁੱਦਿਆਂ ’ਤੇ ਹੀ ਪੰਜਾਬ ਵਿਚ 2027 ਦੀਆਂ ਚੋਣਾਂ ਲੜੇਗੀ ਤਾਂ ਜੋ ਪੰਜਾਬ ਵਿਚ ਨਸ਼ਾ ਗੈਂਗਸਟਰਵਾਦ ਅਤੇ ਬੇਰੁਜ਼ਗਾਰੀ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਪਾਰਟੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਸਾਂਸਦ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾ ਕੇ ਚੋਣਾਂ ਲੜੇਗੀ। ਉਨ੍ਹਾਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਅਲੋਚਣਾਂ ਕਰਦਿਆਂ ਕਿਹਾ ਕਿ ਉਹ ਪੰਥ ਦੇ ਦੋਖੀ ਹਨ ਜਿਸ ਤਰ੍ਹਾਂ ਉਨ੍ਹਾਂ ਨੇ ਗੁਰੂ ਸਾਹਿਬਾਨ ਦੀ ਬੇਅਦਬੀ ਕੀਤੀ ਹੈ। ਉਸਦੀ ਸਰਕਾਰ ਵਲੋਂ ਬੇਅਦਬੀ ਰੋਕਣ ਲਈ ਬਣਾਏ ਕਾਨੂੂੰਨ ਅਨੁਸਾਰ ਹੀ ਮੁੱਖ ਮੰਤਰੀ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵੀਡੀਓ ’ਤੇ ਬਿਆਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਵੀਡੀਓ ਬਿਲਕੁਲ ਸੱਚੀ ਹੈ ਅਤੇ ਮੁੱਖ ਮੰਤਰੀ ਵਲੋਂ ਪਹਿਲਾਂ ਵੀ ਕਈ ਤਰ੍ਹਾਂ ਦੀਆਂ ਅਜਿਹੀਆਂ ਹਰਕਤਾਂ ਕੀਤੀਆਂ ਜੋ ਸਿੱਖ ਪੰਥ ਦੇ ਬਿਲਕੁਲ ਉਲਟ ਹਨ ਅਤੇ ਹੁਣ ਜੋ ਇਕ ਆਡੀਓ ਦੀ ਗੱਲ ਚੱਲ ਰਹੀ ਹੈ ਉਹ ਵੀ ਕਾਫੀ ਨਿੰਦਨਯੋਗ ਹੈ ਜੇਕਰ ਅਜਿਹਾ ਕੁਝ ਸਾਹਮਣੇ ਆਉਂਦਾ ਹੈ ਤਾਂ ਬਹੁਤ ਹੀ ਮੰਦਭਾਗੀ ਗੱਲ ਹੋਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਲੋਂ ਹਮੇਸ਼ਾ ਹੀ ਪੰਥ ਵਿਰੋਧੀ ਗੱਲ ਕੀਤੀ ਗਈ ਹੈ ਜੋ ਕਿ ਨਿੰਦਨਯੋਗ ਹੈ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਇਸ ਵਕਤ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਤੇ ਲੋਕ ਆਪ ਮੁਹਾਰੇ ਇਸ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਈ ਤਰ੍ਹਾਂ ਦੇ ਮੁੱਦੇ ਹਨ ਜਿਨ੍ਹਾਂ ਨੂੰ ਲੈ ਕੇ ਜਥੇਬੰਦੀ ਵਲੋਂ 2027 ਵਿਚ ਚੋਣਾਂ ਲੜੀਆਂ ਜਾਣਗੀਆਂ ਜਿਸ ਵਿਚ ਮੁੱਖ ਤੌਰ ’ਤੇ ਮੁੱਦਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ, ਬੇਰੁਜ਼ਗਾਰੀ ਖਤਮ ਕਰਨਾ, ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਵਿਚ ਗੈਂਗਸਟਰਵਾਦ ਨੂੰ ਜੜ੍ਹ ਤੋਂ ਖਤਮ ਕਰਨਾ ਵਿਸ਼ੇਸ਼ ਮੁੱਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਕੋਈ ਵੀ ਵਪਾਰੀ ਆਪਣੇ ਆਪ ਨੂੰ ਸੇਫ਼ ਨਹੀਂ ਸਮਝਦਾ ਅਤੇ ਦੂਜੇ ਪਾਸੇ ਪੰਜਾਬ ਦਾ ਨੌਜਵਾਨ ਲਗਾਤਾਰ ਨਸ਼ਿਆਂ ਦੀ ਦਲਦਲ ਵਿਚ ਗਰਕਦਾ ਜਾ ਰਿਹਾ ਜਿਨ੍ਹਾਂ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਅੱਗੇ ਆਵੇਗੀ ਅਤੇ ਪੰਜਾਬ ਵਿਚ ਅਮਨ ਸ਼ਾਂਤੀ ਕਾਇਮ ਰੱਖੇਗੀ। ਇਸ ਮੌਕੇ ਪਾਰਟੀ ’ਚ ਸ਼ਾਮਿਲ ਹੋਣ ਵਾਲਿਆਂ ਵਿਚ ਕੁਲਬੀਰ ਸਿੰਘ ਮੱਤਾ, ਐਡਵੋਕੇਟ ਜੋਗਿੰਦਰ ਸਿੰਘ ਬਰਾੜ, ਪ੍ਰਿਤਪਾਲ ਸਿੰਘ ਕੋਹਲੀ, ਲਾਲਜੀਤ ਸਿੰਘ ਝੋਟੀਵਾਲਾ, ਅਮਰਦੀਪ ਸਿੰਘ ਬਰਾੜ, ਬਲਦੇਵ ਸਿੰਘ ਨੰਬਰਦਾਰ ਦੇ ਨਾਂਅ ਸ਼ਾਮਿਲ ਹਨ। ਇਸ ਮੌਕੇ ਬਾਬੂ ਸਿੰਘ ਬਰਾੜ ਤੇ ਹੋਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।