ਫ਼ਰੀਦਕੋਟ, 29 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਆਪਣੇ ਪਿਛਲੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਜ਼ਿੰਮੇਵਾਰ ਤਾਕਤਾਂ ਨਾਲ ਹੱਥ ਮਿਲਾਇਆ ਸੀ। ਫ਼ਰੀਦਕੋਟ ਵਿਖੇ ਇਕ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਪੂਰਾ ਵਿਰੋਧ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਪਿਛਲੇ ਸਮੇਂ ਵਿਚ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ। ਅਕਾਲੀ ਉਨ੍ਹਾਂ ਦੇਸ਼-ਵਿਰੋਧੀ ਤਾਕਤਾਂ ਨਾਲ ਮਿਲੇ ਹੋਏ ਸਨ, ਜਿਨ੍ਹਾਂ ਨੇ ਪਿਛਲੇ ਸਮੇਂ ਵਿਚ ਬੇਅਦਬੀ ਦੀਆਂ ਸਾਜ਼ਿਸ਼ਾਂ ਰਚੀਆਂ ਸਨ। ਕਾਂਗਰਸੀ ਆਗੂਆਂ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੱਤਾ ਦੀ ਲਾਲਸਾ ਨੂੰ ਪੂਰਾ ਕਰਨ ਲਈ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ। ਇਨ੍ਹਾਂ ਪਾਰਟੀਆਂ ਕੋਲ ਸੂਬੇ ਦੀ ਦੌਲਤ ਲੁੱਟਣ ਅਤੇ ਆਮ ਆਦਮੀ ਦਾ ਸ਼ੋਸ਼ਣ ਕਰਨ ਤੋਂ ਇਲਾਵਾ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਵਿਚ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ। ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦਾ ਪੱਧਰ ਉੱਚਾ ਕੀਤਾ ਹੈ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਆਧੁਨਿਕ ਸਿਖਲਾਈ ਦਿੱਤੀ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਪੰਜਾਬ, ਸਕੂਲੀ ਸਿੱਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਨੀਤੀ ਆਯੋਗ ਵਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਸਭ ਤੋਂ ਅੱਗੇ ਨਿਕਲ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 1 ਜੁਲਾਈ ਨੂੰ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ’ਤੇ ਜਨਰਲ ਵਰਗ ਦੀਆਂ ਔਰਤਾਂ ਲਈ 1,000 ਰੁਪਏ ਅਤੇ ਐਸ.ਸੀ. ਔਰਤਾਂ ਲਈ 1,500 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਜਾਣਗੇ। ਇਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟਰਾਂਸਫਰ ਕੀਤੀ ਜਾਵੇਗੀ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਲਈ ਯੋਗ ਹੋਣਗੀਆਂ। ਪੰਜਾਬ ਦੀਆਂ ਲਗਪਗ 97 ਫ਼ੀਸਦ ਔਰਤਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿਚ ਇਸ ਲਈ 9,300 ਕਰੋੜ ਰੁਪਏ ਰੱਖੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਦੇਣ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਦੇਸ਼ ਵਿਚ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ, ਜੋ ਪੰਜਾਬ ਦੇ ਹਰ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ। ਇਹ ਬਹੁਤ ਹੀ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਬੀਮਾ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਬਣ ਗਿਆ ਹੈ। ਇਸ ਸਕੀਮ ਨੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ’ਤੇ ਆਰਥਿਕ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਇਆ ਹੈ। ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਹਰ ਪਰਿਵਾਰ ਨੂੰ ਸਰਵਵਿਆਪੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਲੋਕ ਇਸ ਸਕੀਮ ਤਹਿਤ ਹੁਣ ਤੱਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਨੂੰ ਜੀ ਆਇਆ ਕਿਹਾ ਤੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਮੁੱਖ ਮੰਤਰੀ ਜੀ ਨੂੰ ਪਿੰਡ ਦੀ ਪੰਚਾਇਤ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋ, ਨਵਜੋਤ ਸਿੰਘ ਜਰਗ ਸਟੇਟ ਸੈਕਟਰੀ, ਸੁਖਜਿੰਦਰ ਸਿੰਘ ਕੌਣੀ ਲੋਕ ਸਭਾ ਹਲਕਾ ਚਾਰਜ ਤੇ ਗੁਰਤੇਜ ਸਿੰਘ ਖੋਸਾ ਜ਼ਿਲ੍ਹਾ ਇੰਚਾਰਜ, ਆਈ.ਜੀ ਨਿਲੰਬਰੀ ਜਗਦਲੇ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਐਸ.ਪੀ ਗੁਰਬੰਸ ਸਿੰਘ ਬੈਂਸ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।