08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਨਾਂਅ ਯਾਦ ਪੱਤਰ ਦਿੱਤਾ

Ad Position 21
No active advertisement
ਅਜੀਤ ਡੈਸਕ 01-07-2026
ਸ੍ਰੀ ਮੁਕਤਸਰ ਸਾਹਿਬ, 30 ਜੂਨ (ਹਰਮਹਿੰਦਰ ਪਾਲ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੂਬਾ ਪੱਧਰੀ ਸੱਦੇ ’ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ ਤੇ ਖੇਤ ਮਜ਼ਦੂਰ ਸਭਾ ਨੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਯਾਦ ਪੱਤਰ ਦਿੱਤਾ। ਖੰਡਾ ਪਾਰਕ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਬਾਜ ਸਿੰਘ ਭੁੱਟੀਵਾਲਾ, ਹਰਜੀਤ ਮਦਰੱਸਾ, ਨਾਨਕ ਚੰਦ ਬਜਾਜ ਤੇ ਕਰਮਜੀਤ ਕੌਰ ਲੱਕੜਵਾਲਾ ਆਦਿ ਯੂਨੀਅਨ ਆਗੂਆਂ ਨੇ ਆਖਿਆ ਕਿ ਅੱਜ ਦੇ ਯਾਦ ਪੱਤਰ ਰਾਹੀਂ ਪੰਜਾਬ ਸਰਕਾਰ ਨੂੰ ਯਾਦ ਕਰਵਾਇਆ ਜਾਵੇਗਾ ਕਿ ਦਸੰਬਰ 2025 ਨੂੰ ਭਗਵੰਤ ਮਾਨ ਸਰਕਾਰ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ ਦੀ ਥਾਂ ’ਤੇ ਲਿਆਂਦਾ ਨਵਾਂ ਜੀ ਰਾਮ ਜੀ ਕਾਨੂੰਨ ਪੰਜਾਬ ਵਿਚ ਲਾਗੂ ਨਾ ਕਰਨ ਦਾ ਵਿਧਾਨ ਸਭਾ ਵਿਚ ਮਤਾ ਪਾਇਆ ਸੀ, ਪਰ ਹੁਣ ਉਸ ਨੂੰ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਲਾਗੂ ਕਰਕੇ ਮਜ਼ਦੂਰ ਵਿਰੋਧੀ ਹੋਣ ਦਾ ਰੋਲ ਅਦਾ ਕੀਤਾ ਹੈ। ਉਨ੍ਹਾਂ ਆਖਿਆ ਕਿ ਜਥੇਬੰਦੀਆਂ ਵਲੋਂ ਹੱਕੀ ਮੰਗਾਂ ਵਾਸਤੇ ਆਉਣ ਵਾਲੇ ਦਿਨਾਂ ਵਿਚ ਵਿਸ਼ਾਲ ਲਾਮਬੰਦੀ ਕਰਕੇ ਸੰਘਰਸ਼ ਕੀਤਾ ਜਾਵੇਗਾ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਤਰਸੇਮ ਸਿੰਘ ਖੁੰਡੇਹਲਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਲੋਕ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਜਿਥੇ ਸਰਕਾਰ ਮਜ਼ਦੂਰ ਮੰਗਾਂ ਦੀ ਅਣਦੇਖੀ ਕਰ ਰਹੀ ਹੈ, ਉੱਥੇ ਹੱਕ ਮੰਗਦੇ ਹਰ ਤਬਕੇ ਦੇ ਸੰਘਰਸ਼ ਨੂੰ ਡਾਂਗ ਦੇ ਜ਼ੋਰ ਦਬਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਮਾਏਦਾਰਾਂ ਤੇ ਧਨਾਢਾਂ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਯੂਨੀਅਨ ਆਗੂ ਜਸਵਿੰਦਰ ਸਿੰਘ ਸੰਗੂਧੌਣ, ਜਗਜੀਤ ਸਿੰਘ ਜੱਸੇਆਣਾ, ਤੋਤਾ ਸਿੰਘ ਸ਼ੇਰੇਵਾਲਾ, ਬਲਰਾਜ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਅਮਰੀਕਾ ਇਜ਼ਰਾਈਲ ਅਤੇ ਈਰਾਨ ਦਰਮਿਆਨ ਜੰਗ ਦੇ ਬਹਾਨੇ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਹੋਰ ਚੀਜ਼ਾਂ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਅਸਲ ਵਿਚ ਜੰਗੀ ਮਹੌਲ ਦੇ ਬਹਾਨੇ ਵੱਡੇ ਸਰਮਾਏਦਾਰਾਂ ਨੂੰ ਕਿਰਤੀ ਲੋਕਾਂ ਦੀ ਲੁੱਟ ਕਰਨ ਦੀ ਖੁੱਲ੍ਹ ਦੇ ਕੇ ਭਾਰਤੀ ਹਕੂਮਤ ਨੇ ਆਪਣਾ ਲੋਕ ਵਿਰੋਧੀ ਅਤੇ ਸਾਮਰਾਜ ਪੱਖੀ ਚਿਹਰਾ ਇਕ ਵਾਰ ਫ਼ਿਰ ਨੰਗਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ 2 ਜੁਲਾਈ ਨੂੰ ਸੂਬਾ ਕਮੇਟੀ ਦੀ ਮੁੜ ਮੀਟਿੰਗ ਕਰਕੇ ਆਉਣ ਵਾਲੇ ਦਿਨਾਂ ’ਚ ਮਜ਼ਦੂਰ ਮੰਗਾਂ ਮਨਵਾਉਣ ਲਈ ਪੰਜਾਬ ਅੰਦਰ ਵੱਡਾ ਮਜ਼ਦੂਰ ਅੰਦੋਲਨ ਖੜ੍ਹਾ ਕੀਤਾ ਜਾਵੇਗਾ। ਇਸ ਸਮੇਂ ਯੂਨੀਅਨ ਆਗੂ ਜਸਵਿੰਦਰ ਸਿੰਘ ਸੰਗੂਧੌਣ, ਜਗਜੀਤ ਸਿੰਘ ਜੱਸੇਆਣਾ, ਤੋਤਾ ਸਿੰਘ ਸ਼ੇਰੇਵਾਲਾ, ਬਲਰਾਜ ਸਿੰਘ ਮਦਰੱਸਾ ਪ੍ਰੀਤਮ ਸਿੰਘ, ਰੌਣਕ ਰਾਮ, ਅਮਰਜੀਤ ਕੌਰ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਹੋਏ 6 ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਅਣਐਲਾਨੇ ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਐਕਸੀਅਨ ਨੂੰ ਦਿੱਤਾ ਮੰਗ ਪੱਤਰ
Ad Position 24