ਫ਼ਰੀਦਕੋਟ, 1 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਡਾ. ਬਲਬੀਰ ਸਿੰਘ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਪੰਜਾਬ ਦੀ ਰਹਿਨੁਮਾਈ ਹੇਠ ਰਾਜ ਵਿਚ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਦੀ ਕੰਸਟੀਚਿਊਐਂਟ ਸੰਸਥਾ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਦੇ ਨਸ਼ਾ ਛੁਡਾਓ ਕੇਂਦਰ ਵਿਖੇ ਨਸ਼ੇ ਦੇ ਆਦੀ ਮਰੀਜ਼ਾਂ ਦੇ ਇਲਾਜ ਲਈ ਮੀਥਾਡੋਨ ਕਲੀਨਿਕ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋ. (ਡਾ.) ਰਾਜੀਵ ਸੂਦ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਮੁਕਤ ਪੰਜਾਬ ਦੀ ਸੋਚ ਨੂੰ ਸਾਕਾਰ ਕਰਨ ਲਈ ਯੂਨੀਵਰਸਿਟੀ ਅਤੇ ਇਸ ਦੀਆਂ ਸੰਸਥਾਵਾਂ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੀਥਾਡੋਨ ਕਲੀਨਿਕ ਦੀ ਸ਼ੁਰੂਆਤ ਨਸ਼ੇ ਤੋਂ ਪੀੜਤ ਮਰੀਜ਼ਾਂ ਲਈ ਇਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਉਹ ਵਿਗਿਆਨਕ ਅਤੇ ਪ੍ਰਭਾਵਸ਼ਾਲੀ ਇਲਾਜ ਰਾਹੀਂ ਨਸ਼ੇ ਦੀ ਲਤ ਤੋਂ ਛੁਟਕਾਰਾ ਪਾ ਕੇ ਮੁੜ ਸਿਹਤਮੰਦ ਅਤੇ ਸਨਮਾਨਜਨਕ ਜੀਵਨ ਵੱਲ ਪਰਤ ਸਕਣਗੇ। ਉਨ੍ਹਾਂ ਵੱਧ ਤੋਂ ਵੱਧ ਲੋੜਵੰਦ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਮੁਫ਼ਤ ਸਰਕਾਰੀ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਇਹ ਕਲੀਨਿਕ ਡਾ. ਵਰਿੰਦਰਪਾਲ, ਡਾ. ਸੁਮਿਤ ਸੈਣੀ ਨੋਡਲ ਅਫ਼ਸਰ ਅਤੇ ਡਾ. ਪੀ. ਡੀ. ਬਾਂਸਲ ਪ੍ਰੋਫੈਸਰ ਅਤੇ ਮੁਖੀ ਮਨੋਰੋਗ ਵਿਭਾਗ ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਹੈ। ਨਸ਼ੇ ਦੇ ਆਦੀ ਲੋੜਵੰਦ ਮਰੀਜ਼ ਮੀਥਾਡੋਨ ਥੈਰੇਪੀ ਦੀ ਸਹਾਇਤਾ ਨਾਲ ਨਸ਼ਾ ਛੱਡ ਕੇ ਆਪਣਾ ਜੀਵਨ ਆਮ ਅਤੇ ਸਿਹਤਮੰਦ ਢੰਗ ਨਾਲ ਬਤੀਤ ਕਰ ਸਕਦੇ ਹਨ। ਮਰੀਜ਼ਾਂ ਨੂੰ ਇਹ ਦਵਾਈ ਹਰ ਰੋਜ਼ ਕਲੀਨਿਕ ਵਿਚ ਆ ਕੇ ਲੈਣੀ ਹੋਵੇਗੀ। ਦਵਾਈ ਵੰਡਣ ਦਾ ਸਮਾਂ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।