aਫ਼ਰੀਦਕੋਟ, 2 ਜੁਲਾਈ (ਸਰਬਜੀਤ ਸਿੰਘ)-ਡੈਮੋਕਰੇਟਿੰਕ ਟੀਚਰਜ਼ ਫ਼ੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹਾ ਕਮੇਟੀ ਮੈਂਬਰਾਂ ਵਲੋਂ ਹਿੱਸਾ ਲਿਆ ਗਿਆ। ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਗਗਨ ਪਾਹਵਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਪੰਜਾਬ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ 5 ਜੁਲਾਈ ਨੂੰ ਦਿੱਤੇ ਜਾਣ ਵਾਲੇ ਧਰਨੇ ਵਿਚ ਫ਼ਰੰਟ ਦੇ ਆਗੂ ਅਤੇ ਮੈਂਬਰ ਭਰਵੀਂ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋ ਪੈਂਡਿੰਗ ਮੰਗਾਂ ਪੂਰੀਆਂ ਕਰਨ ਤੋਂ ਸਰਕਾਰ ਅਨਾਕਾਨੀ ਕਰ ਰਹੀ ਹੈ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਮੁਲਾਜ਼ਮ ਤੇ ਪੈਨਸ਼ਨਰ ਇਕ ਮੰਚ ’ਤੇ ਇਕੱਠੇ ਹੋ ਗਏ ਹਨ। ਆਗੂਆਂ ਨੇ ਕਿਹਾ ਕਿ ਅਧਿਆਪਕਾਂ ਉੱਪਰ ਗ਼ੈਰ ਵਿਦਿਅਕ ਕੰਮਾਂ ਦਾ ਬੋਝ ਪਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਬੁਨਿਆਦੀ ਕੰਮ ਸਿੱਖਿਆ ਤੋਂ ਦੂਰ ਕੀਤਾ ਜਾ ਰਿਹਾ ਹੈ ਜਿਸ ਨਾਲ ਅਧਿਆਪਕਾਂ ਵਿਚ ਗੁੱਸੇ ਦੀ ਲਹਿਰ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ ਅਤੇ ਵਿੱਤ ਸਕੱਤਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਹੁਣ ਸਰਕਾਰ ਖ਼ਿਲਾਫ਼ ਆਰ ਪਾਰ ਦੀ ਲੜਾਈ ਲੜੀ ਜਾਵੇਗੀ ਜਿਸ ਤਹਿਤ 5 ਜੁਲਾਈ ਦੇ ਸੰਧਵਾਂ ਦੇ ਧਰਨੇ ਤੋਂ ਬਾਅਦ 11 ਜੁਲਾਈ ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਬਾਹਰ ਵੀ ਧਰਨੇ ਦਿੱਤੇ ਜਾਣਗੇ ਅਤੇ 17 ਜੁਲਾਈ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਡੀ.ਟੀ.ਐਫ਼. ਵਲੋਂ ਇਨ੍ਹਾਂ ਸਾਰੇ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਇਸ਼ਤਿਹਾਰਾਂ ਰਾਹੀਂ ਪੰਜਾਬ ਦੇ ਖਜ਼ਾਨੇ ਦਾ ਉਜਾੜਾ ਕੀਤਾ ਜਾ ਰਿਹਾ ਹੈ ਪਰ ਪੰਜਾਬ ਦੇ ਮੁਲਾਜ਼ਮ ਆਪਣੇ ਹੱਕਾਂ ਲਈ ਨਿੱਤ ਦਿਨ ਸੜਕਾਂ ਤੇ ਉਤਰ ਰਹੇ ਹਨ। ਆਗੂਆਂ ਨੇ ਕਿਹਾ ਕਿ ਚੋਣਾਂ ਵਿਚ ਕੁਝ ਮਹੀਨੇ ਹੀ ਬਾਕੀ ਹਨ ਅਤੇ ਮੁਲਾਜ਼ਮਾਂ ਨਾਲ ਸਰਕਾਰ ਵਲੋਂ ਕੀਤੀ ਵਾਅਦਾ ਖ਼ਿਲਾਫ਼ੀ ਦਾ ਨਤੀਜਾ ਵਿਧਾਨ ਸਭਾ ਚੋਣਾਂ ਵਿਚ ਵੇਖਣ ਨੂੰ ਮਿਲੇਗਾ। ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਕੁਲਦੀਪ ਸਿੰਘ ਘਣੀਆਂ, ਸਵਰਨਪਾਲ ਸਿੰਘ, ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ ਸੰਧੂ, ਮਦਨ ਲਾਲ ਅਤੇ ਲਵਕਰਨ ਸਿੰਘ ਹਾਜ਼ਰ ਸਨ।