ਰਾਮਪੁਰਾ ਫੂਲ, 5 ਜੁਲਾਈ (ਹੇਮੰਤ ਕੁਮਾਰ ਸ਼ਰਮਾ)- ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ ਤੇ ਕਾਂਗਰਸ ਪਾਰਟੀ ਦੇ ਵਰਕਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸਰਕਾਰ ਬਣਾਉਣ ਲਈ ਮਿਹਨਤ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ਸੇਵਾਦਾਰ ਤੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਨੇ ਕੀਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਰਾਜਾ ਵੜਿੰਗ ਦੀ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਦੁਬਾਰਾ ਪੰਜਾਬ ਦਾ ਪ੍ਰਧਾਨ ਬਣਾਇਆ ਗਿਆ ਹੈ, ਕਿਉਂਕਿ ਲੰਘੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਰਾਜਾ ਵੜਿੰਗ ਦੀ ਅਗਵਾਈ ਵਿਚ 7 ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਪਾਈਆਂ ਸਨ। ਰਾਜਾ ਵੜਿੰਗ ਨੇ ਪਿਛਲੇ ਸਾਲਾਂ ਵਿਚ ਸੂਬੇ ਦੀ ਸਰਕਾਰ ਦੇ ਖ਼ਿਲਾਫ਼ ਲੜਾਈ ਲੜੀ ਤੇ ਬੂਥ ਲੈਵਲ ‘ਤੇ ਪਾਰਟੀ ਦਾ ਢਾਂਚਾ ਮਜ਼ਬੂਤ ਕੀਤਾ। ਜਿਸ ਨਾਲ ਹਰ ਬੂਥ ਵਿਚ ਪਾਰਟੀ ਦੇ ਵਰਕਰਾਂ ਵਿਚ ਹੌਸਲਾ ਭਰਿਆ ਗਿਆ ਤੇ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਮੁੱਚੀ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਮਿਹਨਤ ਨਾਲ ਸਰਕਾਰ ਬਣੇਗੀ।