ਜੈਤੋ, 6 ਜੁਲਾਈ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)- ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਹਾਊਸ ਦੀ ਮੀਟਿੰਗ ਦੌਰਾਨ ਚੋਣ ਲਈ ਕੌਂਸਲਰ ਲਖਵਿੰਦਰ ਸਿੰਘ ਲੱਖਾ ਬਰਾੜ ਨੇ ਨਿਰਮਲਾ ਦੇਵੀ ਨੂੰ ਨਗਰ ਕੌਂਸਲ ਪ੍ਰਧਾਨ, ਹਰੀਸ਼ ਚੰਦਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਨਰਿੰਦਰਪਾਲ ਸਿੰਘ ਨੂੰ ਮੀਤ ਪ੍ਰਧਾਨ ਦੇ ਨਾਮ ਪ੍ਰਸਤਾਵ ਰੱਖਿਆ ਜਿਸ ’ਤੇ ਸਹਿਮਤੀ ਤੋਂ ਬਆਦ ਇਨ੍ਹਾਂ ਦੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੈਤੋ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਨਗਰ ਕੌਂਸਲ ਦੀ ਨਵੀਂ ਟੀਮ, ਹਲਕਾ ਵਿਧਾਇਕ ਅਮੋਲਕ ਸਿੰਘ ਅਤੇ ਪੰਜਾਬ ਸਰਕਾਰ ਆਪਸੀ ਤਾਲਮੇਲ ਨਾਲ ਕੰਮ ਕਰਨਗੇ। ਉਨ੍ਹਾਂ ਨਵੇਂ ਚੁਣੇ ਕੌਂਸਲਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਵਿਚ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਉਣ। ਕੈਬਨਿਟ ਮੰਤਰੀ ਸ: ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੈਤੋ ਦੇ ਵਿਕਾਸ ਲਈ ਲੋੜੀਂਦੇ ਸਰੋਤ ਅਤੇ ਫੰਡ ਉਪਲਬਧ ਕਰਵਾਏ ਜਾਣਗੇ, ਤਾਂ ਜੋ ਸ਼ਹਿਰ ਦੇ ਬਕਾਇਆ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮਿਲ ਸਕਣ। ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਅਤੇ ਸਮੂਹ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਵੇਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਹੋ ਚੁੱਕੀ ਹੈ, ਪਰ ਉਨ੍ਹਾਂ ਲਈ ਨਗਰ ਕੌਂਸਲ ਦੇ ਸਾਰੇ 17 ਦੇ 17 ਕੌਂਸਲਰ ਬਰਾਬਰ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਕੌਂਸਲਰ ਲੋਕਾਂ ਦੀ ਨੁਮਾਇੰਦਗੀ ਕਰਦੇ ਹਨ ਅਤੇ ਹਰ ਇਕ ਦਾ ਸ਼ਹਿਰ ਦੇ ਵਿਕਾਸ ਵਿਚ ਅਹਿਮ ਯੋਗਦਾਨ ਹੋਵੇਗਾ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਤਜਰਬੇਕਾਰ ਅਤੇ ਸਮਰਪਿਤ ਹੈ, ਜਿਸ ਕਰਕੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਜੈਤੋ ਸ਼ਹਿਰ ਦੇ ਵਿਕਾਸ ਕਾਰਜ ਹੁਣ ਹੋਰ ਤੇਜ਼ੀ ਨਾਲ ਅੱਗੇ ਵਧਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ ਅਤੇ ਸ਼ਹਿਰ ਵਿਚ ਬਿਹਤਰ ਨਾਗਰਿਕ ਸਹੂਲਤਾਂ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਸੇਵਾ ਨਿਭਾਉਣਗੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਜੈਤੋ ਡਾ. ਲਛਮਣ ਭਗਤੂਆਣਾ, ਐਸ.ਡੀ.ਐਮ. ਜੈਤੋ ਵਿਕਰਮਜੀਤ ਸਿੰਘ, ਤਹਿਸੀਲਦਾਰ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਅਮਨਦੀਪ ਗੋਇਲ, ਹਰਸਿਮਰਨ ਮਲਹੋਤਰਾ ਅਤੇ ਨਗਰ ਕੌਂਸਲ ਜੈਤੋ ਦੇ ਕਾਰਜਕਾਰੀ ਅਫ਼ਸਰ (ਈ.ਓ.), ਧਰਮਜੀਤ ਰਾਮੇਆਣਾ ਵਾਈਸ ਪ੍ਰਧਾਨ ਜਲ ਅਤੇ ਸੀਵਰੇਜ ਬੋਰਡ, ਸ਼ੈਲੀ ਗਰਗ ਕਰਿਆਨਾ ਐਸੋਸੀਏਸ਼ਨ ਜੈਤੋ, ਤਰਵਿੰਦਰ ਸਿੰਘ ਢਿੱਲੋਂ ਸਰਪੰਚ ਕੋਠੇ ਰਾਮਸਰ, ਕੌਂਸਲਰ ਗੁਰਚਰਨ ਸਿੰਘ, ਤੁਲਸੀ ਰਾਮ ਬਾਂਸਲ, ਪ੍ਰਵੀਨ ਗਰਗ, ਵਿਜੈ ਸ਼ੈਲੰਕੀ, ਜਸਬੀਰ ਕੌਰ ਸਿੰਗਲਾ, ਮਮਤਾ ਰਾਣੀ, ਮਨਦੀਪ ਕੌਰ, ਮਨਦੀਪ ਸ਼ਰਮਾ, ਲਖਵਿੰਦਰ ਸਿੰਘ, ਰਾਜੂ ਸਿੱਧੂ ਸੀਮਾ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ’ਚ ਸਮਰਥਕ ਵੀ ਹਾਜ਼ਰ ਸਨ।