ਫ਼ਰੀਦਕੋਟ, 10 ਜੁਲਾਈ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਜਹਾਜ਼ ਗਰਾਊਂਡ ਨੇੜੇ ਮੌਜੂਦ ਸਨ ਤਾਂ ਲਵਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਤੇ ਸੁਖਜਿੰਦਰ ਸਿੰਘ ਮੰਗਾ ਪੁੱਤਰ ਬਲਵਿੰਦਰ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 40 ਪਾਬੰਦੀਸ਼ੂਦਾ ਨਸ਼ੇ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਗੁਰਮੀਤ ਸਿੰਘ, ਇੰਚਾਰਜ ਪੁਲਿਸ ਚੌਂਕੀ, ਕਲੇਰ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਪੱਕਾ ਤੋਂ ਸੁਮਿਤ ਪੁੱਤਰ ਸਖਚੈਨ ਸਿੰਘ ਵਾਸੀ ਪੱਕਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ ’ਤੇ 30 ਨਸ਼ੀਲੀਆਂ ਚਿੱਟੇ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।