ਫ਼ਰੀਦਕੋਟ, 10 ਜੁਲਾਈ (ਸਰਬਜੀਤ ਸਿੰਘ)-ਆਂਗਨਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੇ ਸੱਦੇ ’ਤੇ ਅੱਜ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪ੍ਰਧਾਨ ਕਿ੍ਰਸ਼ਨਾ ਦੇਵੀ ਔਲਖ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਜ਼ਿਲ੍ਹੇ ਭਰ ਤੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਹਿੱਸਾ ਲਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿ੍ਰਸ਼ਨਾ ਦੇਵੀ ਨੇ ਕਿਹਾ ਕਿ ਸੂਬਾ ਆਗੂਆਂ ਵਲੋਂ ਅੱਜ ਦਿੱਤੇ ਗਏ ਬਲੈਕ ਡੇ ਦੇ ਸੱਦੇ ’ਤੇ ਸੂਬੇ ਭਰ ਵਿਚ ਕਾਲੇ ਸੂਟ ਤੇ ਚੋਲੇ ਪਾ ਕੇ ਸਮੂਹ ਆਂਗਨਵਾੜੀ ਵਰਕਰ ਅਤੇ ਹੈਲਪਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਲੋਂ ਸੱਤਾ ’ਚ ਆਉਣ ਤੋਂ ਪਹਿਲਾ ਉਨ੍ਹਾਂ ਨਾਲ ਜੋ ਵਾਅਦੇ ਕੀਤੇ ਸੀ ਸੱਤਾ ’ਚ ਆਉਣ ਤੋਂ ਬਾਅਦ ਉਹ ਸਾਰੇ ਮੁਕਰ ਗਏ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਇਕ ਵਰਕਰ ਅਮਨਵੀਰ ਕੌਰ ਫਿੱਡੇ ਕਲਾਂ ਦੀ ਅਚਾਨਕ ਮੌਤ ਹੋ ਗਈ, ਪ੍ਰੰਤੂ ਸਰਕਾਰ ਵਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਤੁਰੰਤ ਲਾਗੂ ਨਹੀਂ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਵਲੋਂ ਇਕ ਮੰਗ ਪੱਤਰ ਵੀ ਸਰਕਾਰ ਨੂੰ ਭੇਜਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਨੇ ਨੂੰ ਗੁਰਦੀਪ ਕੌਰ, ਕਮਲੇਸ਼ ਕੌਰ, ਗੁਰਮੇਲ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ।
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਅਜੀਤ ਡੈਸਕ
11-07-2026