ਫ਼ਰੀਦਕੋਟ, 11 ਜੁਲਾਈ (ਸਰਬਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੁਕਮਰਾਨ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਧਾਰਨ ਕੀਤੇ ਗਏ ਰਵੱਈਏ ਦੇ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਸਾਂਝੀ ਕੋਆਰਡੀਨੇਸ਼ਨ ਕਮੇਟੀ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਦੇ ਕੇਬੀਨੇਟ ਮੰਤਰੀ ਡਾ. ਬਲਜੀਤ ਕੌਰ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਦੋਂ ਦੀ ਸਰਕਾਰ ਬਣੀ ਹੈ ਮੁਲਾਜ਼ਮਾਂ ਅਤੇ ਪੈਨਸ਼ਰਾਂ ਦੀ ਕੋਈ ਮੰਗ ਨਹੀਂ ਪੂਰੀ ਕੀਤੀ ਸਗੋਂ ਉਨ੍ਹਾਂ ਦੇ ਬਣਦੇ ਹੱਕ ਵੀ ਰੋਕੇ ਹੋਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਗਲਬਾਤ ਦੇ ਸਾਰੇ ਰਸਤੇ ਬੰਦ ਕੀਤੇ ਜਾ ਰਹੇ ਹਨ ਜੋ ਸਰਕਾਰ ਦੀ ਹੈਂਕੜ ਨੂੰ ਦਰਸਾਉਂਦਾ ਹੈ ਅਤੇ ਇਸ ਹੈਂਕੜ ਦਾ ਨਤੀਜਾ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜ਼ਰੂਰ ਭੁਗਤਨਾ ਪਵੇਗਾ। ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨਗੀ ਸੂਬਾਈ ਆਗੂ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਤੇ ਮੁੱਖ ਕਨਵੀਨਰ ਸਾਂਝਾ ਮੁਲਾਜ਼ਮ ਮੰਚ ਪੰਜਾਬ, ਜਤਿੰਦਰ ਕੁਮਾਰ, ਇੰਦਰਜੀਤ ਸਿੰਘ ਖੀਵਾ, ਅਮਰੀਕ ਸਿੰਘ ਸੰਧੂ ਤੇ ਬਿਕਰਮਜੀਤ ਸਿੰਘ ਢਿੱਲੋਂ ਨੇ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਗਾਇਆ ਕਿ ਇਹ ਸਰਕਾਰ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਪਹੁੰਚ ਦੇ ਪੱਖ ਤੋਂ ਪਿਛਲੀਆਂ ਸਾਰੀਆਂ ਹੁਕਮਰਾਨ ਸਰਕਾਰਾਂ ਨਾਲੋਂ ਨਖਿੱਧ ਸਾਬਿਤ ਹੋਈ ਹੈ। ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਸਰਕਾਰ ਤੁਰੰਤ ਲੀਡਰਸ਼ਿਪ ਨਾਲ ਪੈਨਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿਚ ਪਏ ਸਾਰੇ ਮਸਲੇ ਤੁਰੰਤ ਹਲ ਕਰਨ। ਇਸ ਮੌਕੇ ਇੰਦਰਜੀਤ ਸਿੰਘ ਗਿੱਲ, ਕੁਲਵੰਤ ਸਿੰਘ ਚਾਨੀ, ਸਿਮਰਜੀਤ ਸਿੰਘ ਬਰਾੜ, ਵੀਰ ਇੰਦਰਜੀਤ ਸਿੰਘ ਪੁਰੀ, ਪਿ੍ਰੰਸੀਪਲ ਕਿ੍ਰਸ਼ਨ ਲਾਲ ਬਕੋਲੀਆ, ਸੁਖਵਿੰਦਰ ਸਿੰਘ ਸੁੱਖੀ, ਹਰਪ੍ਰੀਤ ਸਿੰਘ ਟੀ.ਐਸ.ਯੂ, ਬਲਕਾਰ ਸਿੰਘ ਸਹੋਤਾ, ਅਮਰਜੀਤ ਸਿੰਘ ਵਾਲੀਆ, ਧਰਮਿੰਦਰ ਸਿੰਘ, ਗੁਰਤੇਜ ਸਿੰਘ ਖਹਿਰਾ, ਜਗਤਾਰ ਸਿੰਘ ਗਿੱਲ, ਪੈਨਸ਼ਨਰ ਆਗੂ ਸੋਮ ਨਾਥ ਅਰੋੜਾ, ਇੰਜੀਨੀਅਰ ਜੀਤ ਸਿੰਘ, ਉਪਿੰਦਰ ਪਾਲ ਸਿੰਘ, ਬਿਸ਼ਨ ਕੁਮਾਰ ਅਰੋੜਾ, ਸੁਖਦੇਵ ਸਿੰਘ ਬੀ.ਪੀ.ਈ.ਓ, ਅਜੀਤ ਸਿੰਘ ਖਾਲਸਾ, ਰਮੇਸ਼ ਕੌਸ਼ਲ, ਦਰਸ਼ਨ ਸਿੰਘ ਵਿਰਦੀ, ਅਧਿਆਪਕ ਆਗੂ ਨਰਿੰਦਰ ਕੁਮਾਰ, ਰਜਿੰਦਰ ਕੁਮਾਰ ਅਤੇ ਜਿਤੇਂਦਰ ਕੁਮਾਰ ਆਦਿ ਹਾਜ਼ਰ ਸਨ।
ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ
ਅਜੀਤ ਡੈਸਕ
12-07-2026