ਸ੍ਰੀ ਮੁਕਤਸਰ ਸਾਹਿਬ, 11 ਜੁਲਾਈ (ਰਣਜੀਤ ਸਿੰਘ ਢਿੱਲੋਂ)-ਲੋਕਾਂ ਦੀ ਸੁਰੱਖਿਆ, ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਹੋਟਲਾਂ, ਗੈਸਟ ਹਾਊਸਾਂ, ਢਾਬਿਆਂ, ਰੈਸਟੋਰੈਂਟਾਂ ਤੇ ਹੋਰ ਜਨਤਕ ਥਾਵਾਂ ’ਤੇ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਬਚਨ ਸਿੰਘ ਡੀ.ਐੱਸ.ਪੀ. ਦੀ ਨਿਗਰਾਨੀ ਹੇਠ ਇੰਸਪੈਕਟਰ ਰਵਿੰਦਰ ਕੌਰ ਬਰਾੜ ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਦੇ ਨੇੜੇ ਸਥਿਤ ਇਕ ਹੋਟਲ ਵਿਖੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਪੁਲਿਸ ਨੇ ਇਕ ਨਾਬਾਲਗ ਲੜਕਾ ਤੇ ਇਕ ਨਾਬਾਲਗ ਲੜਕੀ ਨੂੰ ਬਰਾਮਦ ਕੀਤਾ। ਕਾਨੂੰਨੀ ਤੇ ਮਨੁੱਖੀ ਅਧਿਕਾਰਾਂ ਨੂੰ ਧਿਆਨ ਵਿਚ ਰੱਖਦਿਆਂ ਦੋਵਾਂ ਦੀ ਪਛਾਣ ਗੁਪਤ ਰੱਖੀ ਗਈ ਹੈ। ਮੁੱਢਲੀ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਹੋਟਲ ’ਚ ਕਮਰਿਆਂ ਦੀ ਆੜ ਹੇਠ ਗ਼ੈਰਕਾਨੂੰਨੀ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਸਨ। ਇਸ ਸੰਬੰਧੀ ਹੋਟਲ ਮਾਲਕ ਵਿਰੁੱਧ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਕੱਦਮੇ ਦੀ ਤਫ਼ਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਸੰਬੰਧਿਤ ਹੋਟਲ ਨੂੰ ਸੀਲ ਕਰਨ ਲਈ ਸਿਵਲ ਪ੍ਰਸ਼ਾਸਨ ਨੂੰ ਲਿਖਿਆ ਜਾ ਰਿਹਾ ਹੈ ਅਤੇ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪੁਲਿਸ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਦੇ ਸਾਰੇ ਹੋਟਲਾਂ, ਗੈਸਟ ਹਾਊਸਾਂ ਅਤੇ ਹੋਰ ਰਿਹਾਇਸ਼ੀ ਅਦਾਰਿਆਂ ਦੀ ਨਿਯਮਿਤ ਜਾਂਚ ਜਾਰੀ ਰਹੇਗੀ।