ਫ਼ਰੀਦਕੋਟ, 15 ਜੁਲਾਈ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਸੁਖਪਾਲ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪੁਲ ਡਰੇਨ ਫ਼ਿਰੋਜ਼ਪੁਰ ਰੋਡ, ਗੋਲੇਵਾਲਾ ਪਾਸ ਪੁੱਜੇ ਤਾਂ ਡਰੇਨ ਪੁਲ ਦੀ ਬੰਨੀ ’ਤੇ ਬੈਠੇ ਜਗਸੀਰ ਸਿੰਘ ਉਰਫ਼ ਜੱਗੂ ਪੁੱਤਰ ਅਮਰਜੀਤ ਸਿੰਘ ਵਾਸੀ ਟਹਿਣਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 17 ਪਾਬੰਦੀਸ਼ੂਦਾ ਨਸ਼ੇ ਦੀਆਂ ਖੁੱਲ੍ਹੀਆਂ ਚਿੱਟੇ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਹੀ ਹੈੱਡ ਕਾਂਸਟੇਬਲ ਗੁਰਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਚਹਿਲ ਅਕਾਸ਼ ਕੁਮਾਰ ਉਰਫ਼ ਕਾਲੂ ਪੁੱਤਰ ਰਾਜੇਸ਼ ਕੁਮਾਰ ਵਾਸੀ ਨਵਾਂ ਟਹਿਣਾ ਨੂੰ ਸ਼ੱਕ ਦੇ ਆਧਾਰਾ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 10 ਨਸ਼ੀਲੀਆਂ ਚਿੱਟੇ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।