ਜੈਤੋ, 16 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)–ਜੈਤੋ ਦੇ ਟੈਗੋਰ ਪਬਲਿਕ ਸਕੂਲ ਦੇ ਨੇੜੇ ਸਥਿਤ ਚਰਨੀ ਕਾਨੋਲੀ ਵਿਚ ਪਿਛਲੇ ਕਰੀਬ ਇਕ ਹਫ਼ਤੇ ਤੋਂ ਸੀਵਰੇਜ ਦਾ ਗੰਦਾ ਪਾਣੀ ਓਵਰਫ਼ਲੋ ਹੋ ਕੇ ਗਲੀਆਂ ਵਿਚ ਖੜ੍ਹਾ ਹੈ। ਇਸ ਕਾਰਨ ਇਲਾਕਾ ਵਾਸੀਆਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਬਦਬੂਦਾਰ ਪਾਣੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ, ਜਦਕਿ ਬੱਚਿਆਂ, ਬਜ਼ੁਰਗਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਨੋਲੀ ਵਾਸੀ ਦੇਸੂ ਮੜਾਕੀਆ ਨੇ ਦੱਸਿਆ ਕਿ ਸੀਵਰੇਜ ਓਵਰਫਲੋ ਦੀ ਸਮੱਸਿਆ ਬਾਰੇ ਕਈ ਵਾਰ ਸਬੰਧਿਤ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ, ਪਰ ਅਜੇ ਤੱਕ ਕੋਈ ਵੀ ਪੱਕਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਸ਼ਿਕਾਇਤਾਂ ਦੇ ਬਾਵਜੂਦ ਅਧਿਕਾਰੀ ਸਿਰਫ਼ ਭਰੋਸੇ ਦੇ ਰਹੇ ਹਨ, ਜਦਕਿ ਮੌਕੇ ’ਤੇ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿਚ ਗਲੀਆਂ ਵਿਚ ਖੜ੍ਹਾ ਗੰਦਾ ਅਤੇ ਬਦਬੂਦਾਰ ਪਾਣੀ ਨਾ ਸਿਰਫ਼ ਆਵਾਜਾਈ ਵਿਚ ਰੁਕਾਵਟ ਪੈਦਾ ਕਰ ਰਿਹਾ ਹੈ, ਸਗੋਂ ਮੱਛਰਾਂ ਅਤੇ ਹੋਰ ਹਾਨੀਕਾਰਕ ਕੀਟਾਣੂਆਂ ਦੇ ਪੈਦਾ ਹੋਣ ਕਾਰਨ ਡੇਂਗੂ, ਮਲੇਰੀਆ, ਟਾਇਫ਼ਾਇਡ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫ਼ੈਲਣ ਦਾ ਵੀ ਖ਼ਦਸ਼ਾ ਬਣ ਗਿਆ ਹੈ। ਲੋਕਾਂ ਨੇ ਕਿਹਾ ਕਿ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ। ਕਾਨੋਲੀ ਵਾਸੀਆਂ ਨੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਕਿ ਲੋਕਾਂ ਦੀ ਸਿਹਤ ਅਤੇ ਸੁਵਿਧਾ ਨੂੰ ਧਿਆਨ ਵਿਚ ਰੱਖਦਿਆਂ ਸੀਵਰੇਜ ਪ੍ਰਬੰਧ ਨੂੰ ਤੁਰੰਤ ਠੀਕ ਕੀਤਾ ਜਾਵੇ, ਗਲੀਆਂ ਵਿਚ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਅਤੇ ਭਵਿੱਖ ਵਿਚ ਅਜਿਹੀ ਸਮੱਸਿਆ ਤੋਂ ਬਚਾਅ ਲਈ ਪੱਕੇ ਪ੍ਰਬੰਧ ਕੀਤੇ ਜਾਣ।