ਫ਼ਰੀਦਕੋਟ, 16 ਜੁਲਾਈ (ਸਰਬਜੀਤ ਸਿੰਘ)-ਮੁਲਾਜ਼ਮਾ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਮਿਤੀ 17 ਜੁਲਾਈ ਦਿਨ ਸ਼ੁੱਕਰਵਾਰ ਨੂੰ ਦੁਪਹਿਰ ਠੀਕ 3 ਵਜੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਮਿਤੀ 17 ਜੁਲਾਈ 2020 ਤੋਂ ਬਾਅਦ ਪੰਜਾਬ ਦੇ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਕੇਂਦਰੀ ਪੈਟਰਨ ਅਨੁਸਾਰ ਤਨਖਾਹਾਂ ਦੇਣ ਸਬੰਧੀ 17 ਜੁਲਾਈ 2020 ਦੇ ਪੱਤਰ ਦੀਆਂ ਕਾਪੀਆਂ ਫੂਕੀਆਂ ਜਾਣਗੀਆਂ। ਇਸ ਐਕਸ਼ਨ ਸਮੇਂ ਮੁਲਾਜ਼ਮ ਕਾਲੇ ਬਿੱਲੇ ਲਗਾਕੇ, ਕਾਲੇ ਚੋਗੇ ਪਾਕੇ, ਕਾਲੀਆਂ ਪੱਟੀਆਂ, ਦਸਤਾਰਾਂ ਅਤੇ ਕਾਲੀਆਂ ਚੁੰਨੀਆਂ ਲੈ ਕੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣਗੇ। ਇਸ ਐਕਸ਼ਨ ਦੀ ਤਿਆਰੀ ਕਰਨ ਲਈ ਅੱਜ ਸਥਾਨਕ ਪੈਨਸ਼ਨਰ ਭਵਨ ਵਿਖੇ ਮੁਲਾਜ਼ਮਾਂ ਦੇ ਸੂਬਾਈ ਆਗੂ ਗੁਰਨਾਮ ਸਿੰਘ ਵਿਰਕ ਮੁੱਖ ਕਨਵੀਨਰ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਗਵਾਈ ਵਿਚ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਮੌਜੂਦ ਆਗੂਆਂ ਨੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਲਗਾਤਾਰ ਲਾਮਬੰਦੀ ਕੀਤੀ ਜਾਵੇਗੀ ਅਤੇ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਚੰਡੀਗੜ੍ਹ ਮਹਾਂ ਰੈਲੀ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਧਰਮਿੰਦਰ ਸਿੰਘ, ਬਲਕਾਰ ਸਿੰਘ ਸਹੋਤਾ, ਸਿਮਰਜੀਤ ਸਿੰਘ ਬਰਾੜ, ਪੈਨਸ਼ਨਰ ਆਗੂ ਪਿ੍ਰੰਸੀਪਲ ਕਿ੍ਰਸ਼ਨ ਲਾਲ, ਸੋਮ ਨਾਥ ਅਰੋੜਾ, ਡਾ. ਚੰਦਰ ਸ਼ੇਖਰ ਕੱਕੜ, ਜਗਤਾਰ ਸਿੰਘ ਗਿੱਲ, ਇੰਦਰਜੀਤ ਸਿੰਘ ਗਿੱਲ, ਮੁਲਾਜ਼ਮ ਆਗੂ ਸ਼ਿਵ ਨਾਥ ਦਰਦੀ, ਪ੍ਰਦੀਪ ਸਿੰਘ ਬਰਾੜ, ਅਮਰਜੀਤ ਸਿੰਘ ਵਾਲੀਆ, ਸੁਖਦੇਵ ਸਿੰਘ ਬੀ.ਪੀ.ਈ.ਓ, ਇੰਜੀਨੀਅਰ ਜੀਤ ਸਿੰਘ ਆਦਿ ਹਾਜ਼ਰ ਸਨ।