ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਦੇਸ਼ ਬਚਾਓ ਮੋਰਚੇ ਵਲੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ ਸੰਬੰਧੀ ਭਾਰਤ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਐੱਸ.ਡੀ.ਐੱਮ. ਗੁਰਕਰਨਦੀਪ ਸਿੰਘ ਸਿੱਧੂ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਵਫ਼ਦ ਦੀ ਅਗਵਾਈ ਨਿਰਮਲ ਸਿੰਘ ਜੱਸੇਆਣਾ ਵਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਪਸ਼ੂ ਪਾਲਕਾਂ, ਛੋਟੇ ਵਪਾਰੀਆਂ, ਲਘੂ ਉਦਯੋਗਾਂ ਤੇ ਦੇਸ਼ ਦੀ ਖ਼ੁਰਾਕੀ ਅਤੇ ਆਰਥਿਕ ਖ਼ੁਦ ਮੁਖ਼ਤਿਆਰੀ ਲਈ ਗੰਭੀਰ ਖ਼ਤਰਾ ਹੈ। ਇਹ ਸਮਝੌਤਾ ਭਾਰਤੀ ਖੇਤੀਬਾੜੀ ਪੇਂਡੂ ਅਰਥ ਵਿਵਸਥਾ ਅਤੇ ਕਰੋੜਾਂ ਲੋਕਾਂ ਦੀ ਰੋਜ਼ੀ-ਰੋਟੀ ਉਤੇ ਮਾੜਾ ਅਸਰ ਪਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਬਚਾਓ ਮੋਰਚਾ ਇਸ ਭਾਰਤ-ਅਮਰੀਕਾ ਵਪਾਰ ਸਮਝੌਤੇ ਤਾਂ ਪੂਰੀ ਤਰ੍ਹਾਂ ਵਿਰੋਧ ਕਰਦਾ ਹੈ ਅਤੇ ਕਿਸੇ ਵੀ ਹਾਲਤ ਵਿਚ ਇਹ ਸਮਝੌਤਾ ਮਨਜ਼ੂਰ ਨਹੀਂ ਹੈ। ਮੋਰਚੇ ਦੇ ਆਗੂਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਵੇ ਅਤੇ ਦੇਸ਼ ਦੇ ਕਿਸਾਨਾਂ ਤੇ ਆਮ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਇਸ ਜਾਇਜ਼ ਮੰਗ ਨੂੰ ਸਰਕਾਰ ਨੇ ਅਣਗੌਲਿਆ ਕੀਤਾ ਤਾਂ ਦੇਸ਼ ਬਚਾਓ ਮੋਰਚਾ ਦੇਸ਼ ਭਰ ਵਿਚ ਲੋਕਤੰਤਰੀ ਤੇ ਸੰਵਿਧਾਨਿਕ ਢੰਗ ਨਾਲ ਵਿਆਪਕ ਜਨ ਅੰਦੋਲਨ ਲਾਉਣ ਲਈ ਮਜਬੂਰ ਹੋਵੇਗਾ। ਇਸ ਮੌਕੇ ਜਸਵੰਤ ਸਿੰਘ, ਗਿਆਨ ਸਿੰਘ ਭੁੱਟੀਵਾਲਾ, ਵੀਰਬੱਲ ਸਿੰਘ ਇਕਬਾਲ ਸਿੰਘ, ਕੁਲਵੰਤ ਸਿੰਘ, ਨਿਸ਼ਾਨ ਸਿੰਘ, ਹਰਕ੍ਰਿਸ਼ਨ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।