ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਸੰਗਰੂਰ ਵਿਖੇ ਮਹਾਂ ਰੈਲੀ 29 ਜੁਲਾਈ ਦਿਨ ਬੁੱਧਵਾਰ ਨੂੰ ਕੀਤੀ ਜਾ ਰਹੀ ਹੈ। ਇਸ ਸੰਬੰਧ ਵਿਚ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ 25 ਜੁਲਾਈ ਨੂੰ ਪੈਨਸ਼ਨਰ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 11 ਵਜੇ ਰੱਖੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਧਾਨ ਕਰਮਜੀਤ ਸ਼ਰਮਾ ਤੇ ਜਨਰਲ ਸਕੱਤਰ ਕੁਲਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੈਨਸ਼ਨਰਾਂ ਵਲੋਂ ਮੰਗਾਂ ਸੰਬੰਧੀ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਦੀ ਤਿਆਰੀ ਬਾਰੇ ਇਹ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਪੂਰਾ ਨਾ ਕੀਤੇ ਜਾਣ ਕਰਕੇ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚੋਂ ਵੀ ਵੱਡੀ ਗਿਣਤੀ ’ਚ ਪੈਨਸ਼ਨਰ ਮਹਾਂ ਰੈਲੀ ਵਿਚ ਸ਼ਾਮਿਲ ਹੋਣਗੇ।