ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਲੋਕ ਭਲਾਈ ਮੁਹਿੰਮ ‘ਸੀ.ਐੱਮ. ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹੇ ਵਿਚ ਲੋਕ ਸਿਹਤ ਤੇ ਯੋਗ ਪ੍ਰਤੀ ਜਾਗਰੂਕ ਹੋ ਰਹੇ ਹਨ। ਇਹ ਮੁਹਿੰਮ ਲੋਕਾਂ ਨੂੰ ਸਿਹਤਮੰਦ ਅਤੇ ਤਣਾਅ-ਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਯੋਗ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਤੇ ਸਾਂਝੇ ਸਥਾਨਾਂ ’ਤੇ ਨਿਯਮਿਤ ਤੌਰ ’ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਮੌਜੂਦਾ ਸਮੇਂ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 163 ਯੋਗ ਕਲਾਸਾਂ ਸਫ਼ਲਤਾਪੂਰਵਕ ਚੱਲ ਰਹੀਆਂ ਹਨ, ਜਿਨ੍ਹਾਂ ਵਿਚ ਹਰ ਰੋਜ਼ ਵੱਡੀ ਗਿਣਤੀ ’ਚ ਔਰਤਾਂ, ਨੌਜਵਾਨਾਂ, ਬਜ਼ੁਰਗਾਂ ਤੇ ਵਿਦਿਆਰਥੀਆਂ ਵਲੋਂ ਭਾਗ ਲਿਆ ਜਾ ਰਿਹਾ ਹੈ। ਇਨ੍ਹਾਂ ਕਲਾਸਾਂ ਵਿਚ 34 ਯੋਗ ਟਰੇਨਰਾਂ ਵਲੋਂ ਯੋਗ ਆਸਨ, ਪ੍ਰਾਣਾਯਾਮ ਤੇ ਧਿਆਨ ਦੇ ਨਾਲ-ਨਾਲ ਸਿਹਤਮੰਦ ਜੀਵਨਸ਼ੈਲੀ ਅਤੇ ਤਣਾਅ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਨਿਯਮਿਤ ਯੋਗ ਅਭਿਆਸ ਨਾਲ ਲੋਕ ਸਰੀਰਕ ਤੇ ਮਾਨਸਿਕ ਤੌਰ ’ਤੇ ਆਪਣੇ-ਆਪ ਨੂੰ ਹੋਰ ਮਜ਼ਬੂਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸੀ.ਐੱਮ. ਦੀ ਯੋਗਸ਼ਾਲਾ ਪ੍ਰੋਜੈਕਟ ਅਧੀਨ 17,349 ਮੈਂਬਰਾਂ ਦੀ ਰਜਿਸਟ੍ਰੇਸ਼ਨ ਇਹ ਦਰਸਾਉਂਦੀ ਹੈ ਕਿ ਲੋਕ ਆਪਣੇ ਸਿਹਤ ਪ੍ਰਤੀ ਗੰਭੀਰ ਹੋ ਰਹੇ ਹਨ। ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਇਨ੍ਹਾਂ ਯੋਗ ਕਲਾਸਾਂ ਨਾਲ ਲੋਕਾਂ ਨੂੰ ਵੱਖ-ਵੱਖ ਰੋਗਾਂ ਤੋਂ ਲਾਭ ਮਿਲਿਆ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਜ਼ਿਲੇ੍ਹ ਵਿਚ ਚੱਲ ਰਹੀਆਂ ਇਨ੍ਹਾਂ ਯੋਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਯੋਗਾ ਸਿੱਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ ਸਥਾਪਤ ਕੀਤਾ ਹੈ, ਜਿਸ ’ਤੇ ਮੁਫ਼ਤ ਯੋਗ ਕਲਾਸਾਂ ਆਪਣੇ ਮੁਹੱਲੇ ਵਿਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ ਵੈੱਬਸਾਈਟ ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫ਼ੋਨ ਨੰਬਰ ’ਤੇ ਮਿਸ ਕਾਲ ਦੇ ਸਕਦੇ ਹਨ।