ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਮਗਰੋਂ ਉਹ ਸ਼੍ਰੋਮਣੀ ਕਮੇਟੀ ਦੀ ਟੀਮ ਸਮੇਤ ਪਿੰਡ ਪਹੁੰਚੇ ਹਨ। ਉਨ੍ਹਾਂ ਗ੍ਰੰਥੀ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਨੇੜੇ ਗਲੀ ਵਿਚ ਕਿਸੇ ਰਾਹਗੀਰ ਨੇ ਗੁਟਕਾ ਸਾਹਿਬ ਦੇ ਅੰਗ ਖਿਲਰੇ ਵੇਖੇ ਅਤੇ ਇਸ ਦੀ ਸੂਚਨਾ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਦਿੱਤੀ। ਜਿਸ ਮਗਰੋਂ ਇਨ੍ਹਾਂ ਅੰਗਾਂ ਨੂੰ ਇਕੱਠੇ ਕਰਕੇ ਗੁਰਦੁਆਰਾ ਸਾਹਿਬ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਨੇ ਵੀ ਇਸ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਦੌਰਾਨ ਹੀ ਸ੍ਰੀ ਮੁਕਤਸਰ ਸਾਹਿਬ ਦੇ ਡੀ.ਐਸ.ਪੀ. ਬਚਨ ਸਿੰਘ, ਥਾਣਾ ਬਰੀਵਾਲਾ ਦੇ ਐਸ.ਐਚ.ਓ. ਸਮੇਤ ਪੁਲਿਸ ਪਾਰਟੀ ਪਿੰਡ ਸੱਕਾਂਵਾਲੀ ਘਟਨਾ ਸਥਾਨ ’ਤੇ ਪਹੁੰਚੇ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਨੂੰ ਲੈ ਕੇ ਪਿੰਡ ਤੇ ਇਲਾਕੇ ਵਿਚ ਗਮ ਦਾ ਮਾਹੌਲ ਹੈ। ਜਥੇਦਾਰ ਗਿਆਨੀ ਟੇਕ ਸਿੰਘ ਨੇ ਇਸ ਘਟਨਾ ਦੀ ਰਿਪੋਰਟ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਤੋਂ ਮੰਗੀ ਹੈ। ਮੈਨੇਜਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਗੁਟਕਾ ਸਾਹਿਬ ਦੇ ਅੰਗ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦੇ ਜਾ ਰਹੇ ਹਨ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਮੰਦਭਾਗੀ ਅਤੇ ਦੁਖਦਾਈ ਦੱਸਦਿਆਂ ਡੂੰਘਾ ਦੁੱਖ ਪ੍ਰਗਟ ਕੀਤਾ।