ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਵਲੋਂ ਅੱਜ ਸ਼ਹਿਰ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਭਾਈ ਘਨੱਈਆ ਚੌਂਕ ਵਿਖੇ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਸੰਗਰੂਰ ਅਤੇ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ’ਤੇ ਹੋਏ ਕਥਿਤ ਲਾਠੀਚਾਰਜ ਅਤੇ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਸਫ਼ਾਈ ਸੇਵਕਾਂ ਦੇ ਇਸ ਸੰਘਰਸ਼ ਨੂੰ ਹੁਣ ਹੋਰ ਮੁਲਾਜ਼ਮ ਜਥੇਬੰਦੀਆਂ ਦੀ ਵੀ ਹਮਾਇਤ ਮਿਲਣ ਲੱਗੀ ਹੈ ਜਿਨ੍ਹਾਂ ਵਲੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਪ੍ਰਦਰਸ਼ਨ ’ਚ ਹਰ ਤਰਾਂ ਦਾ ਸਾਥ ਦੇਣ ਦੀ ਗੱਲ ਕਹੀ ਜਾ ਰਹੀ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਫ਼ਾਈ ਕਰਮਚਾਰੀਆਂ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਬਰਨਾਲਾ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਕੀਤਾ ਗਿਆ, ਜਿਸ ਵਿਚ ਕਈ ਕਰਮਚਾਰੀ ਜ਼ਖ਼ਮੀ ਹੋਏ ਅਤੇ ਮਹਿਲਾ ਕਰਮਚਾਰੀਆਂ ਨਾਲ ਵੀ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਗਈ। ਸਫ਼ਾਈ ਕਰਮਚਾਰੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਅਤੇ ਮੰਗਾਂ ਦਾ ਜਲਦੀ ਹੱਲ ਨਾ ਕੀਤਾ, ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।