ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅੱਜ ਜ਼ਿਲ੍ਹਾ ਪੁਲਿਸ ਵਲੋਂ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ ’ਤੇ ਕਾਰਵਾਈ ਕਰਦੇ ਹੋਏ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਥਾਣਾ ਬਰੀਵਾਲਾ ਦੇ ਏਰੀਏ ਵਿਚ 8 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਮੁਹਿੰਮ ਜ਼ਿਲ੍ਹੇ ਦੇ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਇਲਾਕਿਆਂ ਵਿੱਚ ਚਲਾਈ ਗਈ। ਇਸ ਮੌਕੇ ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਇੰਸਪੈਕਟਰ ਰਵਿੰਦਰ ਕੌਰ ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਐੱਸ.ਆਈ. ਜਗਸੀਰ ਸਿੰਘ ਮੁੱਖ ਅਫ਼ਸਰ ਥਾਣਾ ਬਰੀਵਾਲਾ, ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਸਮੇਤ 50 ਪੁਲਿਸ ਅਧਿਕਾਰੀ/ਕਰਮਚਾਰੀ ਅਤੇ ਆਸ਼ੂਤੋਸ਼ ਗਰਗ ਡਰੱਗ ਇੰਸਪੈਕਟਰ (ਸ੍ਰੀ ਮੁਕਤਸਰ ਸਾਹਿਬ) ਅਤੇ ਉਸ ਦੀਆਂ ਟੀਮਾਂ ਵਲੋਂ ਭਾਗ ਲਿਆ ਗਿਆ। ਟੀਮਾਂ ਵਲੋਂ ਮੈਡੀਕਲ ਸਟੋਰਾਂ ’ਤੇ ਪਹੁੰਚ ਕੇ ਦਵਾਈਆਂ ਦੇ ਸਟਾਕ ਰਜਿਸਟਰ, ਪਰਚੀ ਲਿਖ਼ਤ, ਮਾਨਤਾ ਪ੍ਰਾਪਤ ਲਾਇਸੰਸ, ਵਿਸ਼ੇਸ਼ ਤੌਰ ’ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਸੰਬੰਧੀ ਰਿਕਾਰਡ ਜਾਂਚਿਆ ਗਿਆ। ਚੈਕਿੰਗ ਟੀਮਾਂ ਨੇ ਕੁਝ ਥਾਵਾਂ ’ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ ਦੇ ਨਮੂਨੇ ਵੀ ਉਠਾਏ। ਨਾਲ ਹੀ ਦਵਾਈਆਂ ਦੀ ਮਿਆਦ ਅਤੇ ਪੈਕਿੰਗ ’ਤੇ ਲਿਖੀ ਜਾਣਕਾਰੀ ਦੀ ਵੀ ਜਾਂਚ ਕੀਤੀ ਗਈ। ਇਹ ਚੈਕਿੰਗ ਸਿਰਫ਼ ਨਿਯਮਾਂ ਦੀ ਉਲੰਘਣਾ ਦੀ ਜਾਂਚ ਤੱਕ ਸੀਮਿਤ ਨਹੀਂ ਸੀ, ਸਗੋਂ ਇਸ ਦਾ ਮਕਸਦ ਜ਼ਿਲ੍ਹੇ ਵਿਚ ਨਸ਼ਿਆਂ ਦੀ ਉਪਲਬਧਤਾ ’ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਮੈਡੀਕਲ ਸਟੋਰਾਂ ਨੂੰ ਵੀ ਸੂਚਿਤ ਕਰਨਾ ਸੀ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਇਸ ਤਰ੍ਹਾਂ ਦੀਆਂ ਜਾਂਚਾਂ ਹੋਣਗੀਆਂ ਅਤੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਚੈਕਿੰਗ ਦੌਰਾਨ ਸਾਰੇ ਮੈਡੀਕਲ ਸਟੋਰਾਂ ਨੂੰ ਨਸ਼ਾ ਵਿਰੋਧੀ ਕਾਨੂੰਨ ਤੇ ਮੈਡੀਕਲ ਨਿਯਮਾਂ ਦੀ ਪੂਰੀ ਪਾਲਣਾ ਕਰਨ ਸੰਬੰਧੀ ਹਦਾਇਤਾਂ ਦਿੱਤੀਆਂ ਗਈਆਂ। ਕਿਸੇ ਵੀ ਗ਼ੈਰਕਾਨੂੰਨੀ ਕਾਰਵਾਈ ਦੀ ਜਾਣਕਾਰੀ ਮਿਲਣ ’ਤੇ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ। ਇਹ ਕਾਰਵਾਈ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਹਿੱਸਾ ਹੈ। ਪੁਲਿਸ ਵਲੋਂ ਸਮਾਜ ਨੂੰ ਨਸ਼ੇ ਤੋਂ ਮੁਕਤ ਕਰਨ ਦੀ ਦਿਸ਼ਾ ਵਿਚ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਅਜਿਹੀਆਂ ਜਾਂਚਾਂ ਅੱਗੇ ਵੀ ਜਾਰੀ ਰਹਿਣਗੀਆਂ।