ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਰਣਜੀਤ ਸਿੰਘ ਢਿੱਲੋਂ)-ਵਿਦਿਆਰਥੀਆਂ ਵਲੋਂ ਨੀਟ ਦਾ ਪੇਪਰ ਲੀਕ ਹੋਣ ਦੇ ਕਾਰਨ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ਾ ਨਾ ਦੇਣ ਦੇ ਖ਼ਿਲਾਫ਼ ਦਿੱਲੀ ਵਿਖੇ ਸ਼ਾਂਤਮਈ ਰੋਸ ਮੁਜ਼ਾਹਰੇ ਦੌਰਾਨ ਵਿਦਿਆਰਥੀਆਂ ’ਤੇ ਕੀਤਾ ਗਿਆ ਬੇਤਹਾਸ਼ਾ ਲਾਠੀਚਾਰਜ ਬਹੁਤ ਨਿੰਦਣਯੋਗ ਹੈ। ਕੇਂਦਰ ਸਰਕਾਰ ਵਲੋਂ ਗੱਲਬਾਤ ਕਰਨ ਦੀ ਬਜਾਏ ਲਾਠੀਚਾਰਜ ਕਰਵਾਉਣਾ ਬਹੁਤ ਨਿੰਦਨਯੋਗ ਕਾਰਾ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਆਗੂ ਐਡਵੋਕੇਟ ਕਰਨਵੀਰ ਸਿੰਘ ਇੰਦੌਰਾ ਸਾਬਕਾ ਮੈਂਬਰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਵੀ ਇਸ ਦੀ ਹਮਾਇਤ ਵਿਚ ਰੋਸ ਪ੍ਰਗਟ ਕਰਨ ਲਈ ਪਹੁੰਚੇ ਤਾਂ ਉਨ੍ਹਾਂ ਪ੍ਰਤੀ ਵੀ ਬਹੁਤ ਮਾੜਾ ਵਿਵਹਾਰ ਰਿਹਾ ਤੇ ਧੱਕੇਸ਼ਾਹੀ ਨਾਲ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜੇ ਤੱਕ ਸਿੱਖਿਆ ਮੰਤਰੀ ਵਲੋਂ ਅਸਤੀਫ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਿੱਖਿਆ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਵਿਚ ਰੋਸ ਤੇ ਰੋਹ ਵਧ ਰਿਹਾ ਹੈ, ਜੋ ਕੇਂਦਰ ਸਰਕਾਰ ਦੇ ਕਫਨ ਵਿਚ ਆਖ਼ਰੀ ਕਿੱਲ ਸਾਬਿਤ ਹੋਵੇਗਾ।