ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਜਪਾ ਦੇ ਬੁਲਾਰੇ ਐਡਵੋਕੇਟ ਅਨੁਰਾਗ ਸ਼ਰਮਾ ਨੇ ਪੰਜਾਬ ਫਾਰਮੇਸੀ ਪੇਪਰ ਵਿਚ ਹੋਈ ਹਾਈਟੈਕ ਚੀਟਿੰਗ ਦੇ ਮਾਮਲੇ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਕਲਕਾਂਡ ਨੇ ਆਮ ਆਦਮੀ ਪਾਰਟੀ ਦੀ ਕਥਿਤ ‘ਸਿੱਖਿਆ ਕ੍ਰਾਂਤੀ’ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੈਤਿਕਤਾ ਦੇ ਆਧਾਰ ’ਤੇ ਬੈਂਸ ਨੂੰ ਸਿੱਖਿਆ ਮੰਤਰੀ ਦੇ ਪਦ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਬਣਦਾ। ਐਡਵੋਕੇਟ ਅਨੁਰਾਗ ਸ਼ਰਮਾ ਨੇ ਦੋਸ਼ ਲਗਾਇਆ ਕਿ ਇਕ ਪਾਸੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਦਿੱਲੀ ਵਿਚ ਪੇਪਰ ਲੀਕ ਦੇ ਮਾਮਲਿਆਂ ’ਤੇ ਰਾਜਨੀਤੀ ਕਰ ਰਹੀ ਹੈ, ਜਦਕਿ ਦੂਜੇ ਪਾਸੇ ਪੰਜਾਬ ਵਿਚ ਉਨ੍ਹਾਂ ਦੀ ਆਪਣੀ ਸਰਕਾਰ ਹੇਠ ਸੁਚੱਜੇ ਤਰੀਕੇ ਨਾਲ ਪੇਪਰ ਲੀਕ ਅਤੇ ਨਕਲਕਾਂਡ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪ੍ਰੀਖਿਆ ਸ਼ੁਰੂ ਹੋਣ ਤੋਂ ਬਾਅਦ ਇਕ ਉਮੀਦਵਾਰ ਨੇ ਖ਼ਾਸ ਪੈਨ ਦੀ ਮਦਦ ਨਾਲ ਪ੍ਰਸ਼ਨ ਪੱਤਰ ਨੂੰ ਸਕੈਨ ਕੀਤਾ, ਜਿਸ ਤੋਂ ਬਾਅਦ ਇਹ ਮਾਸਟਰਮਾਈਂਡ ਤੱਕ ਪਹੁੰਚਾਇਆਂ ਗਿਆ। ਉੱਥੋਂ ਬਲੂਟੁੱਥ ਸਮੇਤ ਹੋਰ ਤਕਨੀਕੀ ਉਪਕਰਣਾਂ ਰਾਹੀਂ ਪ੍ਰੀਖਿਆ ਕੇਂਦਰਾਂ ਵਿਚ ਬੈਠੇ ਉਮੀਦਵਾਰਾਂ ਤੱਕ ਜਵਾਬ ਪਹੁੰਚਾਏ ਗਏ। ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵੱਡੀ ਨਾਕਾਮੀ ਨੂੰ ਦਰਸਾਉਂਦੀ ਹੈ ਅਤੇ ਇਹ ਵਿਦਿਆਰਥੀਆਂ ਦੇ ਭਵਿੱਖ ਨਾਲ ਸਿੱਧਾ ਖਿਲਵਾੜ ਹੈ। ਇਕ ਪਾਸੇ ਦਿੱਲੀ ਵਿਚ ਵਿਦਿਆਰਥੀਆਂ ਨਾਲ ਹਮਦਰਦੀ ਦਾ ਦਿਖਾਵਾ ਕੀਤਾ ਜਾਂਦਾ ਹੈ, ਜਦਕਿ ਪੰਜਾਬ ਵਿਚ ਪ੍ਰੀਖਿਆ ਪ੍ਰਣਾਲੀ ਨੂੰ ਸੁਰੱਖਿਅਤ ਰੱਖਣ ਵਿਚ ਸਰਕਾਰ ਪੂਰੀ ਤਰ੍ਹਾਂ ਫੇਲ ਰਹੀ ਹੈ।