02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਫ਼ਾਰਮੇਸੀ ਪੇਪਰ ਲੀਕ ਮਾਮਲਾ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 31-07-2026
ਫ਼ਰੀਦਕੋਟ, 30 ਜੁਲਾਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਫ਼ਰੀਦਕੋਟ ਵਲੋਂ ਕਰਵਾਈ ਗਈ ਫ਼ਾਰਮੇਸੀ ਦੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦੇ ਗੰਭੀਰ ਮਾਮਲੇ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਹੋਰ ਇਨਕਲਾਬੀ ਜਨਤਕ ਜਥੇਬੰਦੀਆਂ ਵਲੋਂ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਸ਼ੁਰੂ ਕੀਤਾ ਗਿਆ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾ ਰਿਹਾ। ਹੱਡ ਚੀਰਵੀਂ ਮਿਹਨਤ ਕਰਨ ਵਾਲੇ ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ਹੋਏ ਇਸ ਧੋਖੇ ਖ਼ਿਲਾਫ਼ ਵਿਦਿਆਰਥੀਆਂ ਅਤੇ ਇਨਸਾਫ਼ ਪਸੰਦ ਲੋਕਾਂ ਦਾ ਗੁੱਸਾ ਲਗਾਤਾਰ ਸੱਤਵੇਂ ਆਸਮਾਨ ’ਤੇ ਹੈ, ਜਿਸ ਕਾਰਨ ਯੂਨੀਵਰਸਿਟੀ ਕੈਂਪਸ ਦੇ ਬਾਹਰ ਧਰਨੇ ਵਿਚ ਸੰਘਰਸ਼ਕਾਰੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਧਰਨੇ ਦੌਰਾਨ ਵਿਦਿਆਰਥੀ ਆਗੂਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੂਰੇ ਮਾਮਲੇ ਦੀ ਤਹਿ ਤੱਕ ਜਾਣ ਲਈ ਗੰਭੀਰ ਦੋਸ਼ ਆਇਦ ਕੀਤੇ। ਮੋਰਚੇ ਦੇ ਆਗੂਆਂ ਹਰਵੀਰ ਗੰਧੜ, ਧੀਰਜ ਫ਼ਾਜ਼ਿਲਕਾ, ਸੁਖਪ੍ਰੀਤ ਕੌਰ, ਰਜਿੰਦਰ ਢਿੱਲਵਾਂ, ਮਮਤਾ ਲਾਧੂਕਾ, ਨਵਪ੍ਰੀਤ ਨਵੀ, ਹਰਪ੍ਰੀਤ ਸਫੀ, ਰਜਿੰਦਰ ਕਿੰਗਰਾ ਨੇ ਸਪੱਸ਼ਟ ਕੀਤਾ ਕਿ ਇਹ ਸਿਰਫ਼ ਕਿਸੇ ਹੇਠਲੇ ਪੱਧਰ ਦੇ ਕਰਮਚਾਰੀ ਦੀ ਲਾਪਰਵਾਹੀ ਨਹੀਂ ਹੈ, ਸਗੋਂ ਇਸ ਪੇਪਰ ਲੀਕ ਕਾਂਡ ਵਿਚ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਸਥਾਨਕ ਵਿਧਾਇਕ ਦੀ ਸਿੱਧੀ ਮਿਲੀਭੁਗਤ ਅਤੇ ਛਤਰ-ਛਾਇਆ ਸ਼ਾਮਿਲ ਹੈ। ਪੈਸਿਆਂ ਦੇ ਲੈਣ-ਦੇਣ ਅਤੇ ਸਿਆਸੀ ਪਹੁੰਚ ਦੇ ਜ਼ੋਰ ’ਤੇ ਰਿਸ਼ਵਤਖੋਰੀ ਦਾ ਵੱਡਾ ਨੈੱਟਵਰਕ ਚਲਾਇਆ ਜਾ ਰਿਹਾ ਹੈ, ਜਿਸ ਰਾਹੀਂ ਮਿਹਨਤੀ, ਗਰੀਬ ਅਤੇ ਯੋਗ ਵਿਦਿਆਰਥੀਆਂ ਦੇ ਹੱਕਾਂ ’ਤੇ ਡਾਕਾ ਮਾਰ ਕੇ ਉਨ੍ਹਾਂ ਦੇ ਭਵਿੱਖ ਨਾਲ ਸਿੱਧਾ ਖਿਲਵਾੜ ਕੀਤਾ ਗਿਆ ਹੈ। ਪੰਜਾਬ ਸਟੂਡੈਂਟਸ ਯੂਨੀਅਨ ਦੇ ਬੁਲਾਰਿਆਂ ਨੇ ਮੰਗ ਕੀਤੀ ਕਿ ਇਸ ਗੈਰ-ਕਾਨੂੰਨੀ ਅਤੇ ਭ੍ਰਿਸ਼ਟ ਤਰੀਕੇ ਨਾਲ ਲੀਕ ਕੀਤੇ ਗਏ ਫ਼ਾਰਮੇਸੀ ਦੇ ਪੇਪਰ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਇਸ ਪੂਰੇ ਘੁਟਾਲੇ ਵਿਚ ਸ਼ਾਮਿਲ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ, ਸਬੰਧਿਤ ਕਰਮਚਾਰੀਆਂ ਅਤੇ ਸਿਆਸੀ ਸ਼ਹਿ ਦੇਣ ਵਾਲੇ ਲੋਕਲ ਵਿਧਾਇਕ ਵਿਰੁੱਧ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਦੇਖ-ਰੇਖ ਹੇਠ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਈ ਜਾਵੇ। ਦੋਸ਼ੀਆਂ ’ਤੇ ਪੂਰੀ ਤਰ੍ਹਾਂ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਸਲਾਖਾਂ ਪਿੱਛੇ ਧੱਕਿਆ ਜਾਵੇ ਅਤੇ ਯੂਨੀਵਰਸਿਟੀ ਦੀ ਪ੍ਰੀਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭਰੋਸੇਯੋਗ ਬਣਾਇਆ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਵਿਦਿਆਰਥੀਆਂ ਦੇ ਸਬਰ ਦੀ ਪ੍ਰੀਖਿਆ ਨਾ ਲਈ ਜਾਵੇ। ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੇ ਧਰਨਾਕਾਰੀਆਂ ਦੀਆਂ ਹੱਕੀ ਮੰਗਾਂ ਨੂੰ ਜਲਦ ਨਾ ਮੰਨਿਆ, ਲੀਕ ਹੋਇਆ ਪੇਪਰ ਰੱਦ ਨਾ ਕੀਤਾ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਤੋਂ ਗੁਰੇਜ਼ ਕੀਤਾ ਤਾਂ ਇਹ ਸੰਘਰਸ਼ ਫ਼ਰੀਦਕੋਟ ਤੱਕ ਹੀ ਸੀਮਤ ਨਹੀਂ ਰਹੇਗਾ। ਪੰਜਾਬ ਸਟੂਡੈਂਟਸ ਯੂਨੀਅਨ ਪੂਰੇ ਸੂਬੇ ਦੇ ਵਿਦਿਆਰਥੀਆਂ ਨੂੰ ਲਾਮਬੰਦ ਕਰਕੇ ਇਸ ਅੰਦੋਲਨ ਨੂੰ ਪੰਜਾਬ ਪੱਧਰ ’ਤੇ ਲੈ ਕੇ ਜਾਵੇਗੀ ਅਤੇ ਸਰਕਾਰ ਦੇ ਖਿਲਾਫ਼ ਤਿੱਖੇ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਤੋਂ ਨਿਕਲਣ ਵਾਲੇ ਕਿਸੇ ਵੀ ਗੰਭੀਰ ਨਤੀਜੇ ਦੀ ਪੂਰੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਲੁੱਟਾਂ-ਖੋਹਾਂ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ’ਚ ਬੈਠੇ ਪੰਜ ਸ਼ੱਕੀ ਕਾਬੂ ਅਗਲੀ ਖ਼ਬਰ ਸਿੱਖ ਪੰਥ ਦੇ ਧਾਰਮਿਕ ਫ਼ੈਸਲੇ ਸਿਰਫ਼ ਗੁਰੂ ਪੰਥ ਦੀ ਮਰਿਯਾਦਾ ਅਨੁਸਾਰ ਹੀ ਹੋਣਗੇ-ਗਿਆਨੀ ਕੁਲਦੀਪ ਸਿੰਘ ਗੜਗੱਜ
Ad Position 24
No active advertisement