ਸੰਗਤਾਂ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ-ਗਿਆਨੀ ਕੁਲਦੀਪ ਸਿੰਘ ਗੜਗੱਜ
ਕਿਹਾ ,ਬੇਅਦਬੀ ਕਾਨੂੰਨ ’ਚ ਚਲਾਕੀ ਨਹੀਂ, ਸਥਾਈ ਹੱਲ ਚਾਹੁੰਦੀ ਹੈ ਸਿੱਖ ਕੌਮ
ਜੈਤੋ, 1 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਰਕਾਰ ਨੂੰ ਬੇਅਦਬੀ ਕਾਨੂੰਨ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਨਾਲ ਬੈਠ ਕੇ ਵਿਚਾਰ-ਵਟਾਂਦਰਾ ਕਰਦਿਆਂ ਸੋਧ ਬਾਰੇ ਫ਼ੈਸਲਾ ਲੈਣਾ ਚਾਹੀਦਾ ਹੈ। ਜੇਕਰ ਸਰਕਾਰ ਸੱਚੇ ਮਨ ਨਾਲ ਸਥਾਈ ਹੱਲ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਿਸੇ ਤਰ੍ਹਾਂ ਦੀ ਚਲਾਕੀ ਨਹੀਂ ਕਰਨੀ ਚਾਹੀਦੀ।
ਜੈਤੋ, 1 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਰਕਾਰ ਨੂੰ ਬੇਅਦਬੀ ਕਾਨੂੰਨ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਨਾਲ ਬੈਠ ਕੇ ਵਿਚਾਰ-ਵਟਾਂਦਰਾ ਕਰਦਿਆਂ ਸੋਧ ਬਾਰੇ ਫ਼ੈਸਲਾ ਲੈਣਾ ਚਾਹੀਦਾ ਹੈ। ਜੇਕਰ ਸਰਕਾਰ ਸੱਚੇ ਮਨ ਨਾਲ ਸਥਾਈ ਹੱਲ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਿਸੇ ਤਰ੍ਹਾਂ ਦੀ ਚਲਾਕੀ ਨਹੀਂ ਕਰਨੀ ਚਾਹੀਦੀ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਰਾਹ ਵਿਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਝਾਈਆਂ ਸੋਧਾਂ ਕਰਨ ਨਾਲ ਨਾ ਸਿਰਫ਼ ਇਕ ਸਰਬਪੱਖੀ ਅਤੇ ਪ੍ਰਭਾਵਸ਼ਾਲੀ ਸਤਿਕਾਰ ਐਕਟ ਬਣੇਗਾ, ਸਗੋਂ ਸਮਾਜ ਵਿਚ ਭਰੋਸੇ ਅਤੇ ਸਦਭਾਵਨਾ ਦਾ ਮਾਹੌਲ ਵੀ ਮਜ਼ਬੂਤ ਹੋਵੇਗਾ। ਜਥੇਦਾਰ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਵਲੋਂ ਬਖਸ਼ਿਆ ਮੀਰੀ ਪੀਰੀ ਦਾ ਸਿਧਾਂਤ ਸਿੱਖ ਨੂੰ ਧਰਮ ਅਧੀਨ ਰਾਜਨੀਤੀ ਦੀ ਪ੍ਰੇਰਨਾ ਦਿੰਦਾ ਹੈ। ਜੋ ਲੋਕ ਧਰਮ ਅਤੇ ਰਾਜਨੀਤੀ ਨੂੰ ਵੱਖ ਕਰਨ ਦੀ ਗੱਲ ਕਰਦੇ ਹਨ ਉਹ ਸਿੱਖ ਸਿਧਾਂਤਾਂ ਦੀ ਸਮਝ ਨਹੀਂ ਰੱਖਦੇ। ਅੱਜ ਸਮੇਂ ਦੀ ਲੋੜ ਹੈ ਕਿ ਸਿੱਖ ਨੂੰ ਸਿਆਸੀ ਤੌਰ ’ਤੇ ਵੀ ਮਜ਼ਬੂਤ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਵੀ ਅਸੀਂ ਬਾਣੀ, ਗੁਰਮਤਿ ਸਿਧਾਂਤਾਂ ਅਤੇ ਪੰਥਕ ਏਕਤਾ ਤੋਂ ਦੂਰ ਹੋਏ ਤਾਂ ਵਿਰੋਧੀ ਤਾਕਤਾਂ ਨੇ ਸਾਡੀਆਂ ਸੰਸਥਾਵਾਂ ਤੇ ਹਮਲੇ ਕੀਤੇ। ਅੱਜ ਵੀ ਹਕੂਮਤਾਂ ਪੰਥ ਦੇ ਮਾਮਲਿਆਂ ਵਿਚ ਦਖਲ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਸੰਗਤਾਂ ਨੂੰ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਜੈਤੋ ਮੋਰਚੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਾਰਾਜਾ ਰਿਪੁਦਮਨ ਸਿੰਘ ਨੂੰ ਗੱਦੀ ਤੋਂ ਲਾਹੇ ਜਾਣਾ ਕੇਵਲ ਸਿਆਸੀ ਮਸਲਾ ਨਹੀਂ ਸੀ, ਸਗੋਂ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸਵੈਮਾਨ ਉੱਤੇ ਹਮਲਾ ਸੀ। ਇਸ ਅਨਿਆਂ ਦੇ ਵਿਰੁੱਧ ਸਿੱਖ ਕੌਮ ਨੇ ਸ਼ਾਂਤੀਪੂਰਨ ਪਰ ਅਡੋਲ ਸੰਘਰਸ਼ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ’ਚ ਸਿੱਖਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਮੋਰਚਾ ਲਗਾਇਆ। ਇਸ ਮੋਰਚੇ ਵਿਚ ਸੈਂਕੜੇ ਸਿੰਘ-ਸਿੰਘਣੀਆਂ ਨੇ ਸ਼ਹਾਦਤਾਂ ਦੇ ਕੇ ਇਹ ਸਾਬਤ ਕੀਤਾ ਕਿ ਸਿੱਖ ਆਪਣੇ ਧਰਮ ਅਤੇ ਸਿਧਾਂਤਾਂ ਦੀ ਰੱਖਿਆ ਲਈ ਹਰ ਕੁਰਬਾਨੀ ਦੇ ਸਕਦਾ ਹੈ, ਪਰ ਕਦੇ ਝੁਕਦਾ ਨਹੀਂ।